ਮੋਗਾ, 13 ਜੁਲਾਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 (ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖ਼ਤਰਨਾਕ ਹਨ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗ੍ਹਾ ‘ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ। ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਸਕੂਲ/ਕਾਲਜ ਜਾਣ ਵਾਲੇ ਨੌਜਵਾਨ ਅਤੇ ਨਾਬਾਲਗਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੀਜ਼ਾਂ ਦਾ ਸ਼ਿਕਾਰ ਨਾ ਹੋਣ ਜੋ ਸਿਹਤ ਲਈ ਬਹੁਤ ਨੁਕਸਾਨਦੇਹ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ‘ਤੇ ਭਾਰਤੀ ਦੰਡ ਸੰਹਿਤਾ ਦੀ ਧਾਰਾ 188 ਅਤੇ ਕੋਟਪਾ, ਐਫ.ਐਸ.ਐਸ.ਏ.ਆਈ., ਡਰੱਗ ਅਤੇ ਕਾਸਮੈਟਿਕ ਐਕਟ ਦੇ ਉਪਬੰਧਾਂ ਅਨੁਸਾਰ ਸਜ਼ਾ ਦਿੱਤੀ ਜਾਵੇਗੀ। ਇਹ ਆਦੇਸ਼ 31 ਅਗਸਤ 2026 ਤੱਕ ਲਾਗੂ ਰਹਿਣਗੇ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਅਕਸਰ ਕਾਫ਼ੀ ਮਾਤਰਾ ਵਿਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਕਾਫ਼ੀ ਮਾਤਰਾ ਵਿਚ ਕੀਤੀ ਜਾਂਦੀ ਹੈ ਜੋ ਕਿ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਕਾਫ਼ੀ ਮਜ਼ਬੂਤ ਹੁੰਦੀ ਹੈ ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲੀਆਂ ਕੱਟਣ, ਸਾਈਕਲ ਅਤੇ ਸਕੂਟਰ ਮੋਟਰਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋ ਜਾਣ ‘ਤੇ ਉਨ੍ਹਾਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਨ ਬਦਬੂ ਕਾਰਨ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਇਸ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦੇ ਹੋਏ ਚਾਈਨਾ ਡੋਰ ਨੂੰ ਵਰਤਣ, ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ‘ਤੇ ਰੋਕ ਲਗਾਉਣੀ ਜ਼ਰੂਰੀ ਹੈ। ਇਹ ਹੁਕਮ 31 ਅਗਸਤ 2026 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵਲੋਂ ਜ਼ਿਲ੍ਹੇ ’ਚ ਹੁੱਕਾ ਬਾਰਾਂ ’ਤੇ ਪਾਬੰਦੀ ਦੇ ਆਦੇਸ਼ ਜਾਰੀ
ਅਜੀਤ ਡੈਸਕ
14-07-2026