ਮੋਗਾ, 15 ਜੁਲਾਈ (ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਮੌਕੇ ਸਤਵਿੰਦਰਪਾਲ ਸਿੰਘ ਰਿਜਨਲ ਟਰਾਂਸਪੋਰਟ ਅਫ਼ਸਰ ਅਤੇ ਸ਼ਮਿੰਦਰ ਸਿੰਘ ਮਾਨ ਸਹਾਇਕ ਰਿਜਨਲ ਟਰਾਂਸਪੋਰਟ ਅਫ਼ਸਰ ਨੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕੀਤੀ। ਸਕੂਲੀ ਬੱਸਾਂ ਵਿਚ ਬੱਚਿਆਂ ਦੀ ਸੁਰੱਖਿਆ ਲਈ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ। ਉਨ੍ਹਾਂ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਪਰਮਿਟ, ਡਰਾਈਵਰਾਂ ਦੇ ਲਾਇਸੈਂਸ, ਫ਼ਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਐਮਰਜੈਂਸੀ ਐਗਜ਼ਿਟ, ਸਪੀਡ ਗਵਰਨਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕੀਤਾ। ਅਧਿਕਾਰੀਆਂ ਵਲੋਂ ਮੋਗਾ ਸ਼ਹਿਰ ਵਿਚ ਚੱਲ ਰਹੇ ਬਿਨਾਂ ਲੋੜੀਂਦੇ ਕਾਗ਼ਜ਼ਾਂ ਵਾਲੇ ਕਈ ਈ-ਰਿਕਸ਼ਿਆਂ ਦੇ ਚਲਾਨ ਵੀ ਕੀਤੇ ਗਏ ਅਤੇ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਹਦਾਇਤਾਂ ਦਿੱਤੀਆਂ। ਇਸ ਮੌਕੇ ਆਰ.ਟੀ.ਓ. ਸਤਵਿੰਦਰਪਾਲ ਸਿੰਘ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲ ਵਾਹਨਾਂ ਲਈ ਜਾਰੀ ਕੀਤੀਆਂ ਗਈਆਂ ਸਾਰੀਆਂ ਸੁਰੱਖਿਆ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਹਰ ਸਕੂਲ ਦੀ ਜ਼ਿੰਮੇਵਾਰੀ ਹੈ। ਜੇਕਰ ਕਿਸੇ ਸਕੂਲ ਦੀ ਬੱਸ ਵਿਚ ਕੋਈ ਕਮੀ ਪਾਈ ਜਾਂਦੀ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਇਸ ਮਾਮਲੇ ਵਿਚ ਕਿਸੇ ਵੀ ਕਿਸਮ ਦੀ ਸਿਫ਼ਾਰਿਸ਼ ਜਾਂ ਦਬਾਅ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਏ.ਆਰ.ਟੀ.ਓ. ਸ਼ਮਿੰਦਰ ਸਿੰਘ ਮਾਨ ਨੇ ਵੀ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ-ਸਮੇਂ ‘ਤੇ ਆਪਣੇ ਵਾਹਨਾਂ ਦੀ ਜਾਂਚ ਕਰਵਾਉਣ ਅਤੇ ਸਾਰੇ ਲਾਜ਼ਮੀ ਦਸਤਾਵੇਜ਼ ਅੱਪਡੇਟ ਰੱਖਣ। ਅਧਿਕਾਰੀਆਂ ਨੇ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਜਿਸ ਸਕੂਲ ਬੱਸ ਵਿਚ ਉਨ੍ਹਾਂ ਦੇ ਬੱਚੇ ਸਫ਼ਰ ਕਰਦੇ ਹਨ, ਉਹ ਸਰਕਾਰ ਵਲੋਂ ਨਿਰਧਾਰਿਤ ਸਾਰੇ ਸੁਰੱਖਿਆ ਮਾਪਦੰਡਾਂ ‘ਤੇ ਖਰੀ ਉੱਤਰਦੀ ਹੈ। ਪ੍ਰਸ਼ਾਸਨ ਦਾ ਮਕਸਦ ਕਿਸੇ ਨੂੰ ਤੰਗ ਕਰਨਾ ਨਹੀਂ, ਸਗੋਂ ਸਕੂਲੀ ਬੱਚਿਆਂ ਲਈ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਜਿਹੇ ਚੈਕਿੰਗ ਅਭਿਆਨ ਭਵਿੱਖ ਵਿਚ ਵੀ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਸਕੇ। ਇਸ ਮੌਕੇ ਸੁਖਦੀਪ ਸ਼ਰਮਾ ਵੀ ਹਾਜ਼ਰ ਸਨ।