ਬਾਘਾ ਪੁਰਾਣਾ, 17 ਜੁਲਾਈ (ਟਿੰਕੂ ਕਾਠਪਾਲ)-ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਦੌਰਾਨ ਸ਼ਹਿਰ ਵਿਚ ਵਿਸ਼ਾਲ ਰੋਸ ਰੈਲੀ ਕੱਢੀ ਗਈ। ਰੈਲੀ ਉਪਰੰਤ ਮੇਨ ਚੌਂਕ ਬਾਘਾ ਪੁਰਾਣਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਵਿਚ ਕੀਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਮੂਲੀਅਤ ਕਰਦਿਆਂ ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ। ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੌਜੂਦਗੀ ਕਾਰਨ ਰੈਲੀ ਨੇ ਵੱਡੇ ਇਕੱਠ ਦਾ ਰੂਪ ਧਾਰ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਾਰ-ਵਾਰ ਭਰੋਸੇ ਤਾਂ ਦਿੰਦੀ ਹੈ, ਪਰ ਅੱਜ ਤੱਕ ਕਿਸੇ ਵੀ ਵਾਅਦੇ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਨਗਰ ਕੌਂਸਲਾਂ ਅਤੇ ਨਗਰ ਪਾਲਿਕਾਵਾਂ ਦੇ ਕਾਮਿਆਂ ਦੀਆਂ ਹੱਕੀ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੇ ਬੁਢਾਪੇ ਦਾ ਸਹਾਰਾ ਬਣਨ ਵਾਲੀ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕੀਤਾ ਜਾਵੇ। ਰੈਲੀ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਵਿਰੋਧੀ ਨਾਅਰਿਆਂ ਦੇ ਨਾਲ-ਨਾਲ ‘’ਸ਼ਹੀਦ ਭਗਤ ਸਿੰਘ ਅਮਰ ਰਹੇ’’ ਅਤੇ ‘’ਇਨਕਲਾਬ ਜ਼ਿੰਦਾਬਾਦ’’ ਦੇ ਨਾਅਰਿਆਂ ਨਾਲ ਸਾਰਾ ਇਲਾਕਾ ਗੂੰਜਾਂ ਦਿੱਤਾ। ਇਸ ਮੌਕੇ ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਪ੍ਰਧਾਨ ਚਮਕੌਰ ਸਿੰਘ ਰੋਡੇ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਮੰਗਾ ਸਿੰਘ ਵੈਰੋਕੇ ਆਪਣੇ ਸਾਥੀਆਂ ਸਮੇਤ ਹਾਜ਼ਰ ਰਹੇ। ਇਸ ਤੋਂ ਇਲਾਵਾ ਯੂਨੀਅਨ ਦੇ ਸੈਕਰੇਟਰੀ ਮਦਨ,ਵਾਈਸ ਪ੍ਰਧਾਨ ਭਾਗਮਲ, ਨਟਵਰ ਲਾਲ, ਰਾਜ ਕੁਮਾਰ, ਪੱਪੂ ਸਿੰਘ, ਮਦਨ, ਕੈਲਾਸ਼, ਜਤਿੰਦਰ, ਵੇਦ ਪ੍ਰਕਾਸ਼, ਮਦਨ ਕਾਕਾ ਅਤੇ ਹੋਰ ਵੱਡੀ ਗਿਣਤੀ ਵਿੱਚ ਮੁਲਾਜ਼ਮ ਮੌਜੂਦ ਸਨ।