ਮੋਗਾ, 18 ਜੁਲਾਈ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਵਿੰਗ ਦੀ ਇਕ ਅਹਿਮ ਮੀਟਿੰਗ ਅੱਜ ਮੋਗਾ ਵਿਖੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਅਤੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸੀਨੀਅਰ ਲੀਡਰਸ਼ਿਪ ਵਿਚੋਂ ਬਾਬੂ ਸਿੰਘ ਬਰਾੜ, ਕਾਬਲ ਸਿੰਘ, ਭਾਈ ਦਲੇਰ ਸਿੰਘ ਡੋਡ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਕਰਨਵੀਰ ਸਿੰਘ, ਭਾਈ ਬਲਵੰਤ ਸਿੰਘ, ਭਾਈ ਜਗਰੂਪ ਸਿੰਘ ਰਾਏਕੋਟ, ਭਾਈ ਪ੍ਰਭਜੋਤ ਸਿੰਘ ਗੁਰਦਾਸਪੁਰ, ਭਾਈ ਸਤਨਾਮ ਸਿੰਘ ਲੋਪੋ, ਭਾਈ ਜਗਦੀਸ਼ ਸਿੰਘ ਭਿੰਡਰ, ਭਾਈ ਬਲਦੇਵ ਸਿੰਘ ਜੱਲੂਪੁਰ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਰਗਰਮ ਨੌਜਵਾਨ ਵਰਕਰ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਰਾਜਨੀਤਕ ਧਿਰਾਂ ਨੇ ਸਾਲਾਂ ਤੋਂ ਆਪਣੇ ਸਿਆਸੀ ਹਿਤਾਂ ਲਈ ਨਾ ਸਿਰਫ਼ ਪੰਜਾਬ ਦੇ ਸਰੋਤਾਂ ਅਤੇ ਪ੍ਰਬੰਧ ਨੂੰ ਨੁਕਸਾਨ ਪਹੁੰਚਾਇਆ ਹੈ, ਸਗੋਂ ਪੰਜਾਬ ਦੇ ਨੌਜਵਾਨਾਂ ਦੀ ਸੋਚ ਅਤੇ ਦਿਸ਼ਾ ਨੂੰ ਵੀ ਪ੍ਰਦੂਸ਼ਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਇਸ ਗੱਲ ਦੀ ਹੈ ਕਿ ਨੌਜਵਾਨ ਆਪਣੀ ਵਿਰਾਸਤ, ਇਤਿਹਾਸ ਅਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਮੁੜ ਜੁੜਨ ਅਤੇ ਪੰਜਾਬ ਦੀ ਤਰੱਕੀ, ਸਵੈਮਾਣ ਅਤੇ ਹੱਕਾਂ ਦੀ ਲੜਾਈ ਵਿਚ ਆਪਣਾ ਸਰਗਰਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਮੁੜ ਖ਼ੁਸ਼ਹਾਲ, ਸਵੈਮਾਣੀ ਅਤੇ ਨਸ਼ਾ-ਮੁਕਤ ਬਣਾਉਣਾ ਹੈ ਤਾਂ ਨੌਜਵਾਨਾਂ ਨੂੰ ਗੁਮਰਾਹ ਕਰਨ ਵਾਲੀ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕ ਹਿਤਾਂ ਦੀ ਸੋਚ ਨਾਲ ਅੱਗੇ ਵਧਣਾ ਪਵੇਗਾ। ਇਸ ਮੌਕੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਵਿੰਗ ਨੂੰ ਸੂਬੇ ਦੇ ਹਰ ਜ਼ਿਲ੍ਹੇ, ਹਲਕੇ ਅਤੇ ਪਿੰਡ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ, ਪੰਥ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਜਥੇਬੰਦੀ ਨਾਲ ਜੁੜਨ ਅਤੇ ਇਕ ਮਜ਼ਬੂਤ, ਜਾਗਰੂਕ ਅਤੇ ਜ਼ਿੰਮੇਵਾਰ ਨੌਜਵਾਨ ਲਹਿਰ ਦਾ ਹਿੱਸਾ ਬਣਨ। ਮੀਟਿੰਗ ਦੌਰਾਨ ਯੂਥ ਵਿੰਗ ਦੇ ਸੰਗਠਨਾਤਮਿਕ ਵਿਸਥਾਰ, ਆਉਣ ਵਾਲੇ ਪ੍ਰੋਗਰਾਮਾਂ ਅਤੇ ਨੌਜਵਾਨਾਂ ਦੀ ਭੂਮਿਕਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦਾ ਨੌਜਵਾਨ ਵਰਗ ਵੱਡੀ ਗਿਣਤੀ ਵਿਚ ਜਥੇਬੰਦੀ ਨਾਲ ਜੁੜ ਕੇ ਪੰਜਾਬ ਦੇ ਹੱਕਾਂ ਅਤੇ ਬਿਹਤਰੀ ਲਈ ਆਪਣੀ ਭੂਮਿਕਾ ਨਿਭਾਏਗਾ।
ਪੰਜਾਬ ਦੀਆਂ ਰਾਜਨੀਤਕ ਧਿਰਾਂ ਨੇ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਨੌਜਵਾਨਾਂ ਦੀ ਸੋਚ ਨੂੰ ਵੀ ਪ੍ਰਦੂਸ਼ਿਤ ਕੀਤਾ-ਬਾਪੂ ਤਰਸੇਮ ਸਿੰਘ
ਅਜੀਤ ਡੈਸਕ
19-07-2026