ਬਾਘਾ ਪੁਰਾਣਾ, 20 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਮੈਂਬਰ 21 ਜੁਲਾਈ ਨੂੰ ਦਿੱਲੀ ‘ਚ ਕਿਸਾਨ ਘਾਟ ਵਿਖੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਸਮੇਤ ਵੱਡੀ ਗਿਣਤੀ ‘ਚ ਹਿੱਸਾ ਲੈਣਗੇ। ਇਹ ਪ੍ਰਗਟਾਵਾ ਜਥੇਬੰਦੀ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਮੀਤ ਪ੍ਰਧਾਨ ਜਗਜੀਤ ਸਿੰਘ ਰਣੀਆਂ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਨੇ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਦੀ ਭਾਜਪਾ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਲੋਕ ਮਾਰੂ ਵੈਟ ਸਮਝੌਤੇ ਦੇ ਵਿਰੁੱਧ ‘ਚ ਕਿਸਾਨ ਜਥੇਬੰਦੀਆਂ ਵਲੋਂ ਡਟਵਾਂ ਸਟੈਂਡ ਲਿਆ ਜਾਵੇਗਾ ਅਤੇ ਕਿਸੇ ਵੀ ਕੀਮਤ ਤੇ ਇਹ ਸਮਝੌਤਾ ਜਥੇਬੰਦੀਆਂ ਵਲੋਂ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਕਿਸਾਨ ਘਾਟ ਵਿਖੇ ਕੀਤਾ ਜਾ ਰਿਹਾ ਸੰਕੇਤਿਕ ਇਕੱਠ ਭਾਜਪਾ ਸਰਕਾਰ ਨੂੰ ਚੇਤਾਵਨੀ ਹੋਵੇਗੀ ਕਿ ਅਮਰੀਕਾ ਸਰਕਾਰ ਮੂਹਰੇ ਗੋਡੇ ਟੇਕਣ ਦੀ ਬਜਾਏ ਦੇਸ਼ ਦੇ ਲੋਕਾਂ ਨਾਲ ਖੜੇ ਨਹੀਂ ਤਾਂ ਕਿਸਾਨ ਜਥੇਬੰਦੀਆਂ ਦੇਸ਼ ਦੇ ਲੋਕਾਂ ਨੂੰ ਨਾਲ ਲੈ ਕੇ ਭਾਜਪਾ ਸਰਕਾਰ ਦੇ ਲੋਕ ਮਾਰੂ ਸਮਝੌਤੇ ਦੇ ਵਿਰੁੱਧ ਫ਼ੈਸਲਾਕੁਨ ਲੜਾਈ ਲੜਨਗੀਆਂ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਵੱਡੀ ਗਿਣਤੀ ‘ਚ ਪੰਜਾਬ ਤੋਂ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਵਰਕਰ ਤੇ ਆਗੂ 21 ਜੁਲਾਈ ਨੂੰ ਦਿੱਲੀ ਪਹੁੰਚਣਗੇ ਤਾਂ ਕਿ ਭਾਜਪਾ ਸਰਕਾਰ ਦੇ ਬੋਲੇ ਕੰਨਾਂ ਤੱਕ ਲੋਕਾਂ ਦੀ ਆਵਾਜ਼ ਪਹੁੰਚਾਈ ਜਾ ਸਕੇ। ਇਸ ਮੌਕੇ ਵੱਡੀ ਗਿਣਤੀ ‘ਚ ਯੂਨੀਅਨ ਮੈਂਬਰ ਹਾਜ਼ਰ ਸਨ।