ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ)-ਫ਼ਰੀਦਕੋਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ ਮੋਗਾ ਵਿਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਭਾਜਪਾ ਦਫ਼ਤਰ ਮੋਗਾ ਦੇ ਬਾਹਰ ਕਰਵਾਏ ਗਏ ਇਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਅਤੇ ਯੁਵਾ ਮੋਰਚਾ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਦੋਵਾਂ ਆਗੂਆਂ ਨੇ ਪ੍ਰਦਰਸ਼ਨ ਵਿਚ ਸ਼ਾਮਿਲ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਗੰਭੀਰ ਸੰਕਟ ਵਿਚ ਪਾ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਲੱਖਾਂ ਮਿਹਨਤੀ ਉਮੀਦਵਾਰਾਂ ਦਾ ਭਰੋਸਾ ਟੁੱਟ ਰਿਹਾ ਹੈ। ਭਾਜਪਾ ਯੁਵਾ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਫ਼ਰੀਦਕੋਟ ਪੇਪਰ ਲੀਕ ਮਾਮਲੇ ਨੇ ਸੂਬੇ ਦੀ ਭਰਤੀ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ, ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ। ਰੋਸ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੀ ਮੌਕੇ ‘ਤੇ ਤਾਇਨਾਤ ਰਿਹਾ ਅਤੇ ਸਾਰਾ ਪ੍ਰੋਗਰਾਮ ਸ਼ਾਂਤੀਪੂਰਵਕ ਢੰਗ ਨਾਲ ਸਮਾਪਤ ਹੋਇਆ। ਭਾਜਪਾ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੌਜਵਾਨਾਂ ਦੇ ਹਿਤਾਂ ਦੀ ਰੱਖਿਆ ਕਰਨ ਅਤੇ ਪੇਪਰ ਲੀਕ ਮਾਮਲਿਆਂ ‘ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿਚ ਅਸਫਲ ਰਹਿੰਦੀ ਹੈ, ਤਾਂ ਭਾਜਪਾ ਯੁਵਾ ਮੋਰਚਾ ਅਤੇ ਭਾਰਤੀ ਜਨਤਾ ਪਾਰਟੀ ਪੂਰੇ ਪੰਜਾਬ ਵਿਚ ਵਿਆਪਕ ਜਨ ਅੰਦੋਲਨ ਛੇੜਨ ਲਈ ਮਜਬੂਰ ਹੋਵੇਗੀ।
ਮੋਗਾ ਵਿਚ ਭਾਜਪਾ ਯੁਵਾ ਮੋਰਚਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
ਅਜੀਤ ਡੈਸਕ
24-07-2026