ਮੋਗਾ, 23 ਜੁਲਾਈ (ਸੁਰਿੰਦਰਪਾਲ ਸਿੰਘ)-ਸ਼ਹਿਰ ਵਿਚ ਲਗਾਤਾਰ ਵੱਧ ਰਹੇ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਰਜਿ: ਮੋਗਾ ਵਲੋਂ ਲੋਕ ਸਿਹਤ ਦੀ ਰੱਖਿਆ ਲਈ ਮੱਛਰ ਮੁਕਤ ਮੋਗਾ ਨਾਮਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਮੋਗਾ ਸ਼ਹਿਰ ਨੂੰ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰਾਂ ਤੋਂ ਮੁਕਤ ਕਰਨਾ ਅਤੇ ਲੋਕਾਂ ਨੂੰ ਇਨ੍ਹਾਂ ਖ਼ਤਰਨਾਕ ਬਿਮਾਰੀਆਂ ਤੋਂ ਬਚਾਉਣ ਲਈ ਜਾਗਰੂਕ ਕਰਨ ਦੇ ਨਾਲ-ਨਾਲ ਪ੍ਰਭਾਵਸ਼ਾਲੀ ਕਦਮ ਚੁੱਕਣਾ ਹੈ। ਸੁਸਾਇਟੀ ਦੇ ਪ੍ਰਧਾਨ ਗੁਰਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਦੇ ਮੈਂਬਰ ਹਰ ਰੋਜ਼ ਸ਼ਾਮ ਨੂੰ ਲਗ-ਪਗ ਦੋ ਘੰਟੇ ਮੋਗਾ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ, ਗਲੀਆਂ, ਕਾਲੋਨੀਆਂ, ਖ਼ਾਲੀ ਪਲਾਟਾਂ, ਗੰਦੇ ਨਾਲਿਆਂ ਅਤੇ ਹੋਰ ਅਜਿਹੀਆਂ ਥਾਵਾਂ ‘ਤੇ ਫੋਗਿੰਗ ਕਰਦੇ ਹਨ, ਜਿੱਥੇ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰਾਂ ਦੇ ਪੈਦਾ ਹੋਣ ਦੀ ਸੰਭਾਵਨਾ ਸਭ ਤੋਂ ਵੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਪੂਰੀ ਤਨਦੇਹੀ ਅਤੇ ਸਮਾਜ ਸੇਵਾ ਦੀ ਭਾਵਨਾ ਨਾਲ ਨਿਭਾਈ ਜਾ ਰਹੀ ਹੈ, ਤਾਂ ਜੋ ਮੋਗਾ ਵਾਸੀਆਂ ਨੂੰ ਇਕ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਨ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਵਰਤੀਆਂ ਜਾ ਰਹੀਆਂ ਫੋਗਿੰਗ ਮਸ਼ੀਨਾਂ ਸਮਾਜ ਸੇਵੀ ਪਰਮਪਾਲ ਸਿੰਘ ਤਖ਼ਤੂਪੁਰਾ ਵਲੋਂ ਸੁਸਾਇਟੀ ਨੂੰ ਦਾਨ ਵਜੋਂ ਭੇਟ ਕੀਤੀਆਂ ਗਈਆਂ ਹਨ। ਸੁਸਾਇਟੀ ਵਲੋਂ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਅਜਿਹੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਸਮਾਜ ਭਲਾਈ ਦੇ ਕਾਰਜ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤੇ ਜਾ ਸਕਦੇ ਹਨ। ਪ੍ਰਧਾਨ ਗੁਰਜੋਤ ਸਿੰਘ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਸਿਰਫ਼ ਫੋਗਿੰਗ ਨਾਲ ਹੀ ਸੰਭਵ ਨਹੀਂ, ਸਗੋਂ ਹਰ ਨਾਗਰਿਕ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਬਣਾਈ ਰੱਖਣ, ਕੂਲਰਾਂ, ਗਮਲਿਆਂ, ਟਾਇਰਾਂ ਅਤੇ ਹੋਰ ਬਰਤਨਾਂ ਵਿਚ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਆਪਣੇ ਇਲਾਕੇ ਨੂੰ ਸਾਫ਼-ਸੁਥਰਾ ਰੱਖਣ ਵਿਚ ਸਹਿਯੋਗ ਕਰਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਆਪਣੇ ਮੁਹੱਲੇ, ਗਲੀ, ਕਾਲੋਨੀ, ਖ਼ਾਲੀ ਪਲਾਟ ਜਾਂ ਆਪਣੇ ਆਲੇ-ਦੁਆਲੇ ਦੇ ਇਲਾਕੇ ਵਿਚ ਫੋਗਿੰਗ ਕਰਵਾਉਣਾ ਚਾਹੁੰਦਾ ਹੈ, ਤਾਂ ਉਹ ਬਿਨਾਂ ਕਿਸੇ ਝਿਜਕ ਦੇ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਰਜਿ: ਮੋਗਾ ਨਾਲ ਸੰਪਰਕ ਕਰ ਸਕਦਾ ਹੈ। ਸੁਸਾਇਟੀ ਦੀ ਟੀਮ ਨਿਰਧਾਰਿਤ ਸਮੇਂ ਅਨੁਸਾਰ ਉਕਤ ਇਲਾਕੇ ਵਿਚ ਪਹੁੰਚ ਕੇ ਫੋਗਿੰਗ ਦੀ ਸੇਵਾ ਪ੍ਰਦਾਨ ਕਰੇਗੀ। ਅੰਤ ਵਿਚ ਪ੍ਰਧਾਨ ਗੁਰਜੋਤ ਸਿੰਘ ਨੇ ਕਿਹਾ ਕਿ ਮੱਛਰ ਮੁਕਤ ਮੋਗਾ ਡੇਂਗੂ ਮੁਕਤ ਮੋਗਾ ਸਿਰਫ਼ ਇਕ ਮੁਹਿੰਮ ਨਹੀਂ, ਸਗੋਂ ਪੂਰੇ ਸ਼ਹਿਰ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ, ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕ ਮਿਲ ਕੇ ਇਸ ਦਿਸ਼ਾ ਵਿਚ ਯਤਨ ਕਰਨ, ਤਾਂ ਮੋਗਾ ਨੂੰ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਕਾਫ਼ੀ ਹੱਦ ਤੱਕ ਸੁਰੱਖਿਅਤ ਬਣਾਇਆ ਜਾ ਸਕਦਾ ਹੈ। ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਲੋਕ ਭਲਾਈ ਅਤੇ ਸਿਹਤ ਸਬੰਧੀ ਸੇਵਾਵਾਂ ਨਿਰੰਤਰ ਜਾਰੀ ਰੱਖੇਗੀ। ਇਸ ਮੌਕੇ ਰਾਘਵ ਸ਼ਰਮਾ, ਜਸਵੰਤ ਸਿੰਘ, ਸਤਪਾਲ ਸਿੰਘ, ਕੁਲਵੰਤ ਸਿੰਘ, ਗੌਰਵ ਸਾਗਰ ਆਦਿ ਹਾਜ਼ਰ ਸਨ।