ਕਿਸ਼ਨਪੁਰਾ ਕਲਾਂ, 24 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਕਿਸ਼ਨਪੁਰਾ ਕਲਾਂ ਨੇ ਕਿਹਾ ਕਿ ਨੀਟ ਪ੍ਰੀਖਿਆ ਦੇ ਕਥਿਤ ਪੇਪਰ ਲੀਕ ਮਾਮਲੇ ਨੂੰ ਲੈ ਕੇ ਜੰਤਰ-ਮੰਤਰ, ਦਿੱਲੀ ਵਿਖੇ ਸ਼ਾਂਤਮਈ ਅੰਦੋਲਨ ਕਰ ਰਹੇ ਵਿਦਿਆਰਥੀਆਂ ‘ਤੇ ਦਿੱਲੀ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਗੈਰ-ਸੰਵਿਧਾਨਕ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਆਗੂ ਸੰਧੂ ਨੇ ਕਿਹਾ ਕਿ ਨੀਟ ਪ੍ਰੀਖਿਆ ਦੇ ਪੇਪਰ ਲੀਕ ਹੋਣ ਕਾਰਨ ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ‘ਤੇ ਸਵਾਲ ਖੜ੍ਹੇ ਹੋਏ ਹਨ। ਅਜਿਹੇ ਹਾਲਾਤਾਂ ਵਿਚ ਜਦੋਂ ਵਿਦਿਆਰਥੀ ਆਪਣੇ ਸੰਵਿਧਾਨਕ ਹੱਕ ਤਹਿਤ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਤਾਂ ਉਨ੍ਹਾਂ ‘ਤੇ ਬਲ ਪ੍ਰਯੋਗ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ, ਜੋ ਲੋਕਤੰਤਰ ਦੀ ਭਾਵਨਾ ਦੇ ਖ਼ਿਲਾਫ਼ ਹੈ। ਸੰਧੂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅੰਦੋਲਨਕਾਰੀ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਇਹ ਅੰਦੋਲਨ ਦੇਸ਼ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਸਕਦਾ ਹੈ, ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਇਸ ਮੌਕੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਕਾਲੂ, ਦਰਸ਼ਨ ਬਾਵਾ ਨਿਰਮਲ ਸਿੰਘ ਆਦਿ ਹਾਜ਼ਰ ਸਨ।