ਕੋਟ ਈਸੇ ਖਾਂ, 29 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ‘’ਮੀਰੀ ਪੀਰੀ- ਖ਼ਾਲਸਾ ਮਾਰਚ’’ ਦਾ ਧਰਮਕੋਟ ਹਲਕੇ ਦੀਆਂ ਸੰਗਤਾਂ ਵਲੋਂ ਜਗ੍ਹਾ ਜਗ੍ਹਾ ‘ਤੇ ਕੀਤੇ ਗਏ ਸ਼ਾਨਦਾਰ ਸਵਾਗਤ ਲਈ ਧੰਨਵਾਦ ਕਰਦੇ ਹਾਂ ਤੇ ਸੰਗਤਾਂ ਵਲੋਂ ਮਾਰਚ ਦੌਰਾਨ ਜੋ ਪਿਆਰ ਦਿੱਤਾ ਗਿਆ, ਉਹ ਸ਼ਬਦਾਂ ‘ਚ ਬਿਆਨ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਿਹਤ ਵਿਭਾਗ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਹਲਕੇ ਅੰਦਰ ਪੂਰੇ ਮਾਰਚ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਰਕਰਾਂ ਨੇ ਵੀ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਈਆਂ। ਉਨ੍ਹਾਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ ਸੰਸਥਾਵਾਂ ਅਤੇ ਰਾਜਸੀ ਆਗੂਆਂ ਨੇ ਵੀ ਆਪਣੀ ਹਾਜ਼ਰੀ ਲਵਾਈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਹਰ ਸਿੱਖ ਲਈ ਸਰਬਉੱਚ ਹਨ ਤੇ ਇਸ ਮਾਰਚ ਵਿਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਮਾਰਚ ਦੌਰਾਨ ਜਿੱਥੇ ਪੰਥਕ ਸ਼ਕਤੀ ਨੂੰ ਇਕੱਠਾ ਕਰਨ ਦਾ ਸੰਦੇਸ਼ ਦਿੱਤਾ ਗਿਆ, ਉੱਥੇ ਹੀ ਸਾਡੇ ਬੱਚਿਆਂ, ਨੌਜਵਾਨਾਂ ਨੂੰ ਵੱਧ ਤੋਂ ਵੱਧ ਗੁਰੂ ਘਰਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਸੇਧ ਦਿੰਦੇ ਮਾਰਚ ਅਤੇ ਸਮਾਗਮ ਸਮੇਂ-ਸਮੇਂ ‘ਤੇ ਹੋਰ ਹੋਣੇ ਚਾਹੀਦੇ ਹਨ ਤਾਂ ਜੋ ਸਾਡਾ ਪੰਥ ਤੇ ਪੰਜਾਬ ਹੋਰ ਚੜ੍ਹਦੀ ਕਲਾ ਵਿਚ ਰਹੇ।