ਨਿਹਾਲ ਸਿੰਘ ਵਾਲਾ, 30 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਸੰਭਾਵਿਤ ਹੜ੍ਹਾਂ ਦੀ ਸਥਿਤੀ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਐਮਰਜੈਂਸੀ ਨਾਲ ਤੁਰੰਤ ਨਜਿੱਠਣ ਲਈ ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ 24×7 ਫਲੱਡ ਕੰਟਰੋਲ ਰੂਮ ਨੰਬਰ 98781-56911 ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਬ ਡਵੀਜ਼ਨਲ ਮੈਜਿਸਟਰੇਟ ਗਗਨਦੀਪ ਨਿਹਾਲ ਵਾਲਾ ਨੇ ਦੱਸਿਆ ਕਿ ਫਲੱਡ ਕੰਟਰੋਲ ਰੂਮ ਬਰਸਾਤੀ ਮੌਸਮ ਦੌਰਾਨ ਚੌਵੀ ਘੰਟੇ ਕਾਰਜਸ਼ੀਲ ਰਹੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਦੌਰਾਨ ਪਾਣੀ ਭਰਨ, ਡਰੇਨਾਂ ਜਾਂ ਬੰਨ੍ਹਾਂ ਨਾਲ ਸਬੰਧਿਤ ਕਿਸੇ ਵੀ ਐਮਰਜੈਂਸੀ ਸਥਿਤੀ ਦੀ ਸੂਚਨਾ ਆਮ ਲੋਕ ਤੁਰੰਤ ਕੰਟਰੋਲ ਰੂਮ ਨੂੰ ਦੇ ਸਕਦੇ ਹਨ, ਜਿਸ ਉਪਰੰਤ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਫ਼ੌਰੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਡਰੇਨਾਂ, ਸੰਵੇਦਨਸ਼ੀਲ ਥਾਵਾਂ ਅਤੇ ਹੜ੍ਹ ਪ੍ਰਭਾਵਿਤ ਹੋਣ ਦੀ ਸੰਭਾਵਨਾ ਵਾਲੇ ਖੇਤਰਾਂ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਮਾਲ, ਡਰੇਨੇਜ, ਪੁਲਿਸ, ਸਿਹਤ, ਬਿਜਲੀ, ਪੰਚਾਇਤ ਅਤੇ ਹੋਰ ਸਬੰਧਿਤ ਵਿਭਾਗਾਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਕਿਸੇ ਵੀ ਸਥਿਤੀ ‘ਚ ਤੁਰੰਤ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਨੇ ਸਬ ਡਿਵੀਜ਼ਨ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਦੂਰ ਰਹਿਣ, ਸਿਰਫ਼ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਜਾਣਕਾਰੀ ‘ਤੇ ਹੀ ਭਰੋਸਾ ਕਰਨ ਅਤੇ ਬਰਸਾਤ ਦੌਰਾਨ ਡਰੇਨਾਂ, ਨਹਿਰਾਂ ਅਤੇ ਪਾਣੀ ਭਰੇ ਇਲਾਕਿਆਂ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ ਅਤੇ ਕਿਸੇ ਵੀ ਐਮਰਜੈਂਸੀ ਜਾਂ ਸਹਾਇਤਾ ਦੀ ਲੋੜ ਪੈਣ ‘ਤੇ ਤੁਰੰਤ ਫਲੱਡ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਜਾਵੇ।
ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ 24×7 ਫਲੱਡ ਕੰਟਰੋਲ ਰੂਮ ਸਥਾਪਤ
ਅਜੀਤ ਡੈਸਕ
31-07-2026