ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਨੇ ਪਿੰਡ ਧੱਲੇਕੇ ਵਿਖੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ
ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਸੁਧਾਰ ਟਰੱਸਟ ਮੋਗਾ ਦੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ ਵਲੋਂ ਮੋਗਾ ਹਲਕੇ ਅੰਦਰ ਕਾਂਗਰਸੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਉਨ੍ਹਾਂ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਵੱਧ ਤੋਂ ਵੱਧ ਲੋਕਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ| ਇਸੇ ਤਹਿਤ ਉਨ੍ਹਾਂ ਹਲਕੇ ਦੇ ਪਿੰਡ ਧੱਲੇਕੇ ਵਿਖੇ ਕਾਂਗਰਸੀ ਆਗੂਆਂ ਮੀਟਿੰਗ ਕੀਤੀ ਗਈ, ਜਿਸ ਵਿਚ ਚੋਣਾਂ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਵਿਚਾਰ ਚਰਚਾ ਕੀਤੀ ਗਈ| ਇਸ ਮੌਕੇ ਵਿਨੋਦ ਬਾਂਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਸਪਸ਼ਟ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਗਾ ਹਲਕੇ ਦੇ ਲੋਕ ਉਸ ਦਾ ਆਪਣਾ ਪਰਿਵਾਰ ਹੈ ਅਤੇ ਉਹ ਜਿੱਥੇ ਵੀ ਜਾਂਦੇ ਹਨ ਉਨ੍ਹਾਂ ਨੂੰ ਰਜਵਾਂ ਪਿਆਰ ਤੇ ਸਮਰਥਨ ਦਿੰਦੇ ਹਨ ਅਤੇ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਉਹ ਯਕੀਨਨ ਜਿੱਤ ਪ੍ਰਾਪਤ ਕਰਕੇ ਹਲਕਾ ਮੋਗਾ ਦੇ ਲੋਕਾਂ ਦੀ ਸੇਵਾ ਕਰਨਗੇ।