ਛੱਪੜਾਂ ’ਤੇ ਨਜਾਇਜ਼ ਕਬਜ਼ਿਆਂ ਕਾਰਨ ਠੱਠੀ ਭਾਈ ਦਾ ਨਿਕਾਸੀ ਪ੍ਰਬੰਧ ਹੋਇਆ ਬਦਹਾਲ
ਠੱਠੀ ਭਾਈ, 21 ਅਗਸਤ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਠੱਠੀ ਭਾਈ ਦੇ ਛੱਪੜਾਂ ਅਤੇ ਹੋਰ ਸਾਂਝੀਆਂ ਥਾਵਾਂ ‘ਤੇ ਲਗਾਤਾਰ ਹੋ ਰਹੇ ਨਜਾਇਜ਼ ਕਬਜ਼ਿਆਂ ਕਾਰਨ ਪਿੰਡ ਦਾ ਨਿਕਾਸੀ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ, ਜਿਸ ਦਾ ਖ਼ਮਿਆਜ਼ਾ ਪਿੰਡ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ। ਬਾਰਸ਼ਾਂ ਦੇ ਦਿਨਾਂ ਵਿਚ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ ਅਤੇ ਬਾਰਸ਼ ਤੇ ਨਾਲੀਆਂ ਦਾ ਗੰਦਾ ਪਾਣੀ ਪਿੰਡ ਦੀਆਂ ਗਲੀਆਂ ਵਿਚ ਖੜ੍ਹਾ ਹੋਣ ਦੇ ਨਾਲ-ਨਾਲ ਲੋਕਾਂ ਦੇ ਘਰਾਂ ਅੰਦਰ ਵੀ ਦਾਖਲ ਹੋ ਰਿਹਾ ਹੈ।
ਪ
ਪਿੰਡ ਠੱਠੀ ਭਾਈ ਦੇ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਨੇੜੇ ਖੰਡਾ ਚੌਕ ਅਤੇ ਸੜਕਾਂ ਤੇ ਭਰਿਆ ਹੋਇਆ ਬਾਰਸ਼ ਅਤੇ ਨਾਲੀਆਂ ਦਾ ਗੰਦਾ ਪਾਣੀ। ਤਸਵੀਰ : ਜਗਰੂਪ ਸਿੰਘ ਮਠਾੜੂ
22-08-2026
ਠੱਠੀ ਭਾਈ, 21 ਅਗਸਤ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਠੱਠੀ ਭਾਈ ਦੇ ਛੱਪੜਾਂ ਅਤੇ ਹੋਰ ਸਾਂਝੀਆਂ ਥਾਵਾਂ ‘ਤੇ ਲਗਾਤਾਰ ਹੋ ਰਹੇ ਨਜਾਇਜ਼ ਕਬਜ਼ਿਆਂ ਕਾਰਨ ਪਿੰਡ ਦਾ ਨਿਕਾਸੀ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ, ਜਿਸ ਦਾ ਖ਼ਮਿਆਜ਼ਾ ਪਿੰਡ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ। ਬਾਰਸ਼ਾਂ ਦੇ ਦਿਨਾਂ ਵਿਚ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ ਅਤੇ ਬਾਰਸ਼ ਤੇ ਨਾਲੀਆਂ ਦਾ ਗੰਦਾ ਪਾਣੀ ਪਿੰਡ ਦੀਆਂ ਗਲੀਆਂ ਵਿਚ ਖੜ੍ਹਾ ਹੋਣ ਦੇ ਨਾਲ-ਨਾਲ ਲੋਕਾਂ ਦੇ ਘਰਾਂ ਅੰਦਰ ਵੀ ਦਾਖਲ ਹੋ ਰਿਹਾ ਹੈ। ਪਿੰਡ ਵਾਸੀਆਂ ਅਨੁਸਾਰ ਛੱਪੜਾਂ ਦੀ ਜ਼ਮੀਨ ਅਤੇ ਹੋਰ ਸਾਂਝੀਆਂ ਥਾਵਾਂ ‘ਤੇ ਆਏ ਦਿਨ ਨਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ। ਕਈ ਥਾਵਾਂ ‘ਤੇ ਕਥਿਤ ਕਾਬਜ਼ਕਾਰਾਂ ਵਲੋਂ ਸਾਂਝੀਆਂ ਥਾਵਾਂ ‘ਤੇ ਪੱਕੀਆਂ ਉਸਾਰੀਆਂ ਤੱਕ ਕਰ ਦਿੱਤੀਆਂ ਗਈਆਂ ਹਨ। ਇਸ ਕਾਰਨ ਪਾਣੀ ਦੀ ਕੁਦਰਤੀ ਨਿਕਾਸੀ ਦੇ ਰਸਤੇ ਲਗਾਤਾਰ ਸੁੰਗੜਦੇ ਜਾ ਰਹੇ ਹਨ ਅਤੇ ਬਾਰਸ਼ ਹੋਣ ਮੌਕੇ ਪਾਣੀ ਨੂੰ ਨਿਕਲਣ ਲਈ ਲੋੜੀਂਦੀ ਥਾਂ ਨਹੀਂ ਮਿਲਦੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਛੱਪੜਾਂ ਅਤੇ ਨਾਲੀਆਂ ਦੀ ਸਹੀ ਢੰਗ ਨਾਲ ਸਫ਼ਾਈ ਅਤੇ ਸੰਭਾਲ ਨਾ ਹੋਣ ਕਰਕੇ ਸਮੱਸਿਆ ਹਰ ਸਾਲ ਵਧਦੀ ਜਾ ਰਹੀ ਹੈ। ਗਲੀਆਂ ਵਿਚ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦੇ ਨਾਲ-ਨਾਲ ਲੋਕਾਂ ਨੂੰ ਬਦਬੂ ਅਤੇ ਗੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ। ਘਰਾਂ ਵਿਚ ਪਾਣੀ ਵੜਨ ਕਾਰਨ ਲੋਕਾਂ ਦੇ ਸਮਾਨ ਅਤੇ ਘਰੇਲੂ ਕੰਮਕਾਜ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਛੱਪੜਾਂ ‘ਤੇ ਹੋ ਰਹੇ ਕਬਜ਼ਿਆਂ ਨੂੰ ਰੋਕਣ ਅਤੇ ਪਿੰਡ ਦੇ ਨਿਕਾਸੀ ਪ੍ਰਬੰਧ ਨੂੰ ਸੁਚਾਰੂ ਬਣਾਉਣ ਵੱਲ ਸਿਵਲ ਪ੍ਰਸ਼ਾਸਨ ਵਲੋਂ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਨਜਾਇਜ਼ ਕਬਜ਼ਿਆਂ ਨੂੰ ਹਟਾ ਕੇ ਛੱਪੜਾਂ ਦੀ ਅਸਲ ਹੱਦਬੰਦੀ ਬਹਾਲ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿਚ ਸਮੱਸਿਆ ਹੋਰ ਵੀ ਵਿਕਰਾਲ ਰੂਪ ਧਾਰ ਸਕਦੀ ਹੈ। ਪਿੰਡ ਵਾਸੀਆਂ ਵਿਚ ਇਹ ਚਰਚਾ ਵੀ ਹੈ ਕਿ ਵੋਟ ਰਾਜਨੀਤੀ ਕਾਰਨ ਕਥਿਤ ਤੌਰ ‘ਤੇ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਪ੍ਰਸ਼ਾਸਨ ਅਤੇ ਸਬੰਧਿਤ ਧਿਰਾਂ ਪਿੱਛੇ ਹਟ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵੀ ਪੱਖ ਦੀ ਸਿਆਸੀ ਪਹੁੰਚ ਜਾਂ ਵੋਟਾਂ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਪਿੰਡ ਦੇ ਸਾਂਝੇ ਹਿਤਾਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਛੱਪੜਾਂ ਦੀ ਪੂਰੀ ਨਿਸ਼ਾਨਦੇਹੀ ਕਰਵਾ ਕੇ ਸਰਕਾਰੀ ਰਿਕਾਰਡ ਅਨੁਸਾਰ ਹੱਦਾਂ ਦੀ ਜਾਂਚ ਕੀਤੀ ਜਾਵੇ, ਨਜਾਇਜ਼ ਕਬਜ਼ਿਆਂ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਛੱਪੜਾਂ ਅਤੇ ਹੋਰ ਸਾਂਝੀਆਂ ਥਾਵਾਂ ਵਿਚ ਕੀਤੀਆਂ ਪੱਕੀਆਂ ਉਸਾਰੀਆਂ ਸਬੰਧੀ ਵੀ ਨਿਯਮਾਂ ਅਨੁਸਾਰ ਕਦਮ ਚੁੱਕੇ ਜਾਣ। ਇਸ ਦੇ ਨਾਲ ਹੀ ਪਿੰਡ ਦੀਆਂ ਨਾਲੀਆਂ ਅਤੇ ਨਿਕਾਸੀ ਪ੍ਰਬੰਧ ਦੀ ਤੁਰੰਤ ਸਫ਼ਾਈ ਕਰਵਾ ਕੇ ਬਾਰਸ਼ ਦੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕੀਤਾ ਜਾਵੇ। ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਗੰਭੀਰ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਪਿੰਡ ਵਾਸੀਆਂ ਨੂੰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੱਕ ਮਾਮਲਾ ਪਹੁੰਚਾਉਣ ਅਤੇ ਧਰਨੇ ਮੁਜ਼ਾਹਰੇ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਛੱਪੜ ਪਿੰਡ ਦੇ ਨਿਕਾਸੀ ਪ੍ਰਬੰਧ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ‘ਤੇ ਕਿਸੇ ਵੀ ਤਰ੍ਹਾਂ ਦੇ ਨਜਾਇਜ਼ ਕਬਜ਼ੇ ਪੂਰੇ ਪਿੰਡ ਲਈ ਵੱਡੀ ਸਮੱਸਿਆ ਪੈਦਾ ਕਰ ਰਹੇ ਹਨ।