ਭਲਕੇ ਪੰਜਾਬ ਦੇ ਸਾਰੇ ਐੱਨ.ਪੀ.ਐੱਸ. ਮੁਲਾਜ਼ਮ ਮੁੱਖ ਮੰਤਰੀ ਦੇ ਪਿੰਡ ਸਤੌਜ ਵੱਲ ਕਰਨਗੇ ਕੂਚ-ਜਸਵਿੰਦਰ ਸਿੰਘ
ਮੋਗਾ, 21 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਐਨ. ਪੀ.
ਜ
ਜਸਵਿੰਦਰ ਸਿੰਘ
22-08-2026
ਮੋਗਾ, 21 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਐਨ.ਪੀ.ਐਸ. ਦੇ ਖ਼ਿਲਾਫ਼ ਲੜ ਰਹੀਆਂ ਮੁਲਾਜ਼ਮਾਂ ਦੀਆਂ ਤਿੰਨ ਪ੍ਰਮੁੱਖ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ, ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੰਚ ਦੇ ਬੈਨਰ ਹੇਠ 23 ਅਗਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵੱਲ ਲੱਖਾਂ ਮੁਲਾਜ਼ਮ ਕੂਚ ਕਰਨਗੇ। ਜਾਣਕਾਰੀ ਦਿੰਦਿਆਂ ਆਗੂਆਂ ਵਲੋਂ ਦੱਸਿਆ ਗਿਆ ਕਿ ਮੰਚ ਵਲੋਂ 4 ਜੁਲਾਈ ਨੂੰ ਮੋਗਾ ਕਨਵੈੱਨਸ਼ਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੁਰਾਣੀ ਪੈਨਸ਼ਨ ਬਹਾਲੀ ਤੇ ਚਰਚਾ ਕਰਨ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ ਤੇ ਉਨ੍ਹਾਂ ਦੀਆਂ ਕੁਰਸੀਆਂ ਵੀ ਸਟੇਜ ‘ਤੇ ਲਗਾਈਆਂ ਗਈਆਂ ਸਨ ਤਾਂ ਜੋ ਪੰਜਾਬ ਦੇ ਐਨ.ਪੀ.ਐਸ. ਦੀ ਸਕੀਮ ਤੋਂ ਪੀੜਿਤ ਪੰਜਾਬ ਦੇ ਲਗਭਗ ਢਾਈ ਲੱਖ ਮੁਲਾਜ਼ਮਾਂ ਨਾਲ ਨਿਆਂ ਹੋ ਸਕੇ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾ ਸਕੇ। ਪਰ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵਲੋਂ ਮੁਲਾਜ਼ਮਾਂ ਦੇ ਸੱਦੇ ਨੂੰ ਸਵੀਕਾਰ ਨਾ ਕਰਕੇ ਮੁਲਾਜ਼ਮ ਤੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਗਿਆ। ਆਗੂਆਂ ਵਲੋਂ ਦੱਸਿਆ ਗਿਆ ਕਿ ਹੁਣ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਦੇ ਰੋਸ ਵਜੋਂ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਵੱਲ 23 ਅਗਸਤ ਨੂੰ ਵਿਸ਼ਾਲ ਮਾਰਚ ਕਰਦੇ ਹੋਏ ਰੋਸ ਪ੍ਰਗਟ ਕੀਤਾ ਜਾਵੇਗਾ ਜਿਸ ਵਿਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਾਰਕੁਨ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਜਸਵਿੰਦਰ ਸਿੰਘ ਜ਼ਿਲ੍ਹਾ ਕਨਵੀਨਰ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਇਆ ਗਿਆ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਰੇ ਮੁਲਾਜ਼ਮਾਂ ‘ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ। ਮੁਲਾਜ਼ਮ ਸੰਘਰਸ਼ਾਂ ਦੇ ਦਬਾਅ ਹੇਠ ਪੰਜਾਬ ਸਰਕਾਰ ਵਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇਕ ਕਾਗ਼ਜ਼ੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ। ਪਰ ਉਸ ਸਮੇਂ ਦੂਜੇ ਰਾਜਾਂ ਦੀਆਂ ਵੋਟਾਂ ਸਮੇਂ ਉਨ੍ਹਾਂ ਰਾਜਾਂ ਦੇ ਮੁਲਾਜ਼ਮ ਵੋਟਰਾਂ ਨੂੰ ਭਰਮਾਉਣ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਨੂੰ ਖੂਬ ਪ੍ਰਚਾਰਿਆ ਗਿਆ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਰਾਜ ਭਾਗ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ। ਸਰਕਾਰ ਨੂੰ ਚੇਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਐਨ.ਪੀ.ਐਸ. ਪੀੜਤ ਮੁਲਾਜ਼ਮ ਹੁਣ ਸਰਕਾਰ ਖ਼ਿਲਾਫ਼ ਆਰ ਪਾਰ ਦੀ ਲੜਾਈ ਲੜਨ ਲਈ ਤਿਆਰ ਬੈਠੇ ਹਨ ਤੇ ਉਨ੍ਹਾਂ ਦੇ ਸਬਰ ਨੂੰ ਹੋਰ ਨਾ ਪਰਖਿਆ ਜਾਵੇ। ਹੁਣ ਪੰਜਾਬ ਦੇ ਮੁਲਾਜ਼ਮਾਂ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਿਆ ਹੈ ਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਇਨ੍ਹਾਂ ਤੋਂ ਇਲਾਵਾ ਨਿਰਮਲ ਸਿੰਘ ਸੈਕਟਰੀ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ, ਜਗਤਾਰ ਸਿੰਘ ਦਾਉਧਰ, ਕੁਲਵੰਤ ਸਿੰਘ ਪ੍ਰਧਾਨ ਆਈ.ਟੀ.ਆਈ. ਇੰਸਟਰਕਟਰ ਯੂਨੀਅਨ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਰਮਨਦੀਪ ਖਹਿਰਾ, ਸੁਖਪਾਲ ਸਿੰਘ ਡੀ.ਟੀ.ਐਫ., ਹਰਕੀਰਤ ਮਹਿਣਾ, ਅਮਨਦੀਪ ਗੋਇਲ, ਅਵਤਾਰ ਸਿੰਘ ਧਾਲੀਵਾਲ, ਨਿਤਿਨ ਗਰਗ, ਜਗਸੀਰ ਸਿੰਘ, ਅਵਤਾਰ ਸਿੰਘ ਚੰਦ ਨਵਾਂ ਗੁਰਪ੍ਰੀਤ ਸਿੰਘ, ਨਵਦੀਪ ਸ਼ਾਹਕੋਟ, ਰਮਨਦੀਪ ਚੰਨੂ ਵਾਲਾ ਆਦਿ ਆਗੂ ਹਾਜ਼ਰ ਸਨ।