ਵੱਖ-ਵੱਖ ਸਕੂਲਾਂ ਦੇ ਗੇਟ ਮੂਹਰੇ ਮੁੱਖ ਮੰਤਰੀ ਪੰਜਾਬ ਦੇ ਹੰਕਾਰੀ ਰਵੱਈਏ ਦੇ ਵਿਰੋਧ ’ਚ ਧਮਕੀ ਭਰੀ ਟਵੀਟ ਦੀਆਂ ਕਾਪੀਆਂ ਫੂਕੀਆਂ
ਧਰਮਕੋਟ, 29 ਅਗਸਤ (ਪਰਮਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਦੇ ਮੁਲਾਜ਼ਮ ਵਿਰੋਧੀ ਰਵੱਈਏ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਵਾਲੇ ਟਵੀਟ ਦੇ ਵਿਰੋਧ ਵਿਚ ਅੱਜ ਸਮੂਹ ਅਧਿਆਪਕ ਜਥੇਬੰਦੀਆਂ ਦੀ ਕਾਲ ਤੇ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਫੂਕ ਕੇ ਤਿੱਖਾ ਰੋਸ ਜ਼ਾਹਿਰ ਕੀਤਾ ਗਿਆ। ਇਸ ਮੌਕੇ ਅਧਿਆਪਕ ਆਗੂਆਂ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਜੱਜਪਾਲ ਸਿੰਘ ਬਾਜੇਕੇ, ਸੋਹਣ ਸਿੰਘ ਗੁਰਮੀਤ ਸਿੰਘ ਢੋਲੇਵਾਲਾ ਨੇ ਕਿਹਾ ਕਿ ਮੁਲਾਜ਼ਮ ਅਤੇ ਅਧਿਆਪਕ ਵਰਗ ਆਪਣੀਆਂ ਜਾਇਜ਼ ਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰ ਰਿਹਾ ਹੈ।
ਧਰਮਕੋਟ, 29 ਅਗਸਤ (ਪਰਮਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਦੇ ਮੁਲਾਜ਼ਮ ਵਿਰੋਧੀ ਰਵੱਈਏ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਵਾਲੇ ਟਵੀਟ ਦੇ ਵਿਰੋਧ ਵਿਚ ਅੱਜ ਸਮੂਹ ਅਧਿਆਪਕ ਜਥੇਬੰਦੀਆਂ ਦੀ ਕਾਲ ਤੇ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਫੂਕ ਕੇ ਤਿੱਖਾ ਰੋਸ ਜ਼ਾਹਿਰ ਕੀਤਾ ਗਿਆ। ਇਸ ਮੌਕੇ ਅਧਿਆਪਕ ਆਗੂਆਂ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਜੱਜਪਾਲ ਸਿੰਘ ਬਾਜੇਕੇ, ਸੋਹਣ ਸਿੰਘ ਗੁਰਮੀਤ ਸਿੰਘ ਢੋਲੇਵਾਲਾ ਨੇ ਕਿਹਾ ਕਿ ਮੁਲਾਜ਼ਮ ਅਤੇ ਅਧਿਆਪਕ ਵਰਗ ਆਪਣੀਆਂ ਜਾਇਜ਼ ਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰ ਰਿਹਾ ਹੈ। ਪਰ ਸਰਕਾਰ ਵਲੋਂ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਧਮਕੀਆਂ ਅਤੇ ਦਬਾਅ ਦੀ ਨੀਤੀ ਅਪਣਾਉਣਾ ਬੇਹੱਦ ਨਿੰਦਣਯੋਗ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਆਵਾਜ਼ਾਂ ਦਬਾਉਣ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਕੇ ਮੰਗਾਂ ਦਾ ਸਾਰਥਿਕ ਹੱਲ ਕੱਢਣਾ ਚਾਹੀਦਾ ਹੈ। ਅਧਿਆਪਕ ਵਰਗ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ ਅਤੇ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਨਾਲ ਟਕਰਾਅ ਵਾਲਾ ਰਵੱਈਆ ਛੱਡ ਕੇ ਤੁਰੰਤ ਗੱਲਬਾਤ ਦਾ ਰਸਤਾ ਅਪਣਾਇਆ ਜਾਵੇ ਅਤੇ ਪੁਰਾਣੀ ਪੈਨਸ਼ਨ ਬਹਾਲੀ, ਬਕਾਇਆ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, ਪੰਜਾਬ ਦੇ ਪੁਰਾਣੇ ਤਨਖ਼ਾਹ ਸਕੇਲ ਲਾਗੂ ਕਰਨ, ਏ.ਸੀ.ਪੀ. ਸਕੀਮ ਬਹਾਲ ਕਰਨ, ਵੱਖ-ਵੱਖ ਕੈਟਾਗਰੀਆਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਮੁਲਾਜ਼ਮਾਂ ਦੀਆਂ ਹੋਰ ਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।