ਪਿੰਡ ਝੰਡੇਆਣਾ ਸਰਕੀ ਵਿਖੇ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਦੇ ਸੰਭਾਲ ਬਾਰੇ ਸਿਖਲਾਈ ਕੈਂਪ ਦਾ ਆਯੋਜਨ
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਪਿੰਡ ਝੰਡੇਆਣਾ ਸਰਕੀ ਵਿਖੇ ਆਈ. ਪੀ.
ਮੋਗਾ, 22 ਸਤੰਬਰ (ਸੁਰਿੰਦਰਪਾਲ ਸਿੰਘ)-ਪਿੰਡ ਝੰਡੇਆਣਾ ਸਰਕੀ ਵਿਖੇ ਆਈ.ਪੀ.ਐਸ. ਫਾਊਂਡੇਸ਼ਨ ਅਤੇ ਚੰਬਲ ਫਰਟੀਲਾਈਜ਼ਰ ਦੇ ਸਾਂਝੇ ਯਤਨਾਂ ਨਾਲ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਦੇ ਸੁਚੱਜੇ ਪ੍ਰਬੰਧਨ ਸਬੰਧੀ ਇਕ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀਬਾੜੀ ਵਿਕਾਸ ਅਫ਼ਸਰ ਕਿਰਨਦੀਪ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਪਰਾਲੀ ਨੂੰ ਅੱਗ ਲਗਾਏ ਬਿਨਾਂ ਖੇਤਾਂ ਵਿਚ ਹੀ ਸੰਭਾਲਣ ਦੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਅਤੇ ਖੇਤੀਬਾੜੀ ਪੱਧਰ ‘ਤੇ ਇਨ੍ਹਾਂ ਦੇ ਲਾਭਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਆਈ.ਪੀ.ਐਸ. ਫਾਊਂਡੇਸ਼ਨ ਦੇ ਜ਼ਿਲ੍ਹਾ ਕੋਆਰਡੀਨੇਟਰ ਸੌਰਵ ਨੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਵਿਧੀਆਂ ਅਤੇ ਸਰਕਾਰ ਵਲੋਂ ਸੀ.ਆਰ.ਐਮ. ਸਕੀਮ ਤਹਿਤ ਦਿੱਤੀਆਂ ਜਾਣ ਵਾਲੀਆਂ ਮਸ਼ੀਨਰੀ ‘ਤੇ ਸਬਸਿਡੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਕਿਸਾਨਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ‘ਮਿੱਟੀ ਜਾਂਚ ਰਿਪੋਰਟਾਂ’ ਦੀ ਵੰਡ ਕੀਤੀ ਗਈ ਤਾਂ ਜੋ ਕਿਸਾਨ ਆਪਣੀ ਜ਼ਮੀਨ ਦੀ ਲੋੜ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰ ਸਕਣ। ਇਸ ਮੌਕੇ ਪਿੰਡ ਦੇ ਵੱਡੀ ਗਿਣਤੀ ਕਿਸਾਨ ਅਤੇ ਪਤਵੰਤੇ ਹਾਜ਼ਰ ਸਨ, ਜਿਨ੍ਹਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ।