ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼
ਧਰਮਕੋਟ, 6 ਅਕਤੂਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀਆਂ ਹਦਾਇਤਾਂ ਅਨੁਸਾਰ ਹਲਕਾ ਧਰਮਕੋਟ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਹੋਰ ਮਜ਼ਬੂਤ ਕਰਨ ਲਈ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਆਗਾਜ਼ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਧਰਮਕੋਟ ਸ਼ਹਿਰ ਤੋਂ ਕੀਤਾ ਗਿਆ।
ਧਰਮਕੋਟ, 6 ਅਕਤੂਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀਆਂ ਹਦਾਇਤਾਂ ਅਨੁਸਾਰ ਹਲਕਾ ਧਰਮਕੋਟ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਹੋਰ ਮਜ਼ਬੂਤ ਕਰਨ ਲਈ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਆਗਾਜ਼ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਧਰਮਕੋਟ ਸ਼ਹਿਰ ਤੋਂ ਕੀਤਾ ਗਿਆ। ਇਸ ਮੌਕੇ ਮੱਖਣ ਬਰਾੜ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਸਮੇਤ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਸਿੱਧਾ ਸੰਵਾਦ ਕਰਦਿਆਂ ਇਲਾਕੇ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਲੋਕਾਂ ਨੇ ਆਪਣੇ ਇਲਾਕਿਆਂ ਵਿਚ ਦਰਪੇਸ਼ ਸਮੱਸਿਆਵਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਜਨਤਕ ਮਸਲੇ ਮੱਖਣ ਬਰਾੜ ਦੇ ਧਿਆਨ ਵਿਚ ਲਿਆਂਦੇ। ਮੱਖਣ ਬਰਾੜ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਮਕਸਦ ਸਿਰਫ਼ ਲੋਕਾਂ ਤੱਕ ਪਹੁੰਚ ਕਰਨਾ ਨਹੀਂ, ਸਗੋਂ ਲੋਕਾਂ ਦੀ ਗੱਲ ਉਨ੍ਹਾਂ ਦੇ ਘਰ ਦੀ ਦਹਿਲੀਜ਼ ‘ਤੇ ਬੈਠ ਕੇ ਸੁਣਨਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਹਮੇਸ਼ਾ ਇਸ ਦੇ ਵਰਕਰ ਅਤੇ ਪੰਜਾਬ ਦੇ ਲੋਕ ਰਹੇ ਹਨ ਅਤੇ ਪਾਰਟੀ ਲੋਕਾਂ ਨਾਲ ਆਪਣਾ ਸਿੱਧਾ ਰਾਬਤਾ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਡੋਰ-ਟੂ-ਡੋਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਾਰਟੀ ਦੇ ਆਗੂ ਤੇ ਵਰਕਰ ਹਰ ਘਰ ਤੱਕ ਪਹੁੰਚ ਕਰਨਗੇ। ਇਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਨੂੰ ਸੁਣਨ ਦੇ ਨਾਲ-ਨਾਲ ਉਨ੍ਹਾਂ ਨਾਲ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸੂਬੇ ਦੇ ਭਵਿੱਖ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੱਖਣ ਬਰਾੜ ਨੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਡੋਰ-ਟੂ-ਡੋਰ ਮੁਹਿੰਮ ਦਾ ਹਿੱਸਾ ਬਣਨ ਅਤੇ ਹਰ ਘਰ ਤੱਕ ਪਹੁੰਚ ਕਰਕੇ ਲੋਕਾਂ ਨਾਲ ਆਪਣਾ ਨਾਤਾ ਹੋਰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖ਼ੁਸ਼ਹਾਲ, ਵਿਕਸਤ ਅਤੇ ਲੋਕਾਂ ਲਈ ਬਿਹਤਰ ਸਹੂਲਤਾਂ ਵਾਲਾ ਸੂਬਾ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਇਸ ਮੌਕੇ ਪਾਰਟੀ ਦੇ ਸਥਾਨਕ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਵਲੋਂ ਮੱਖਣ ਬਰਾੜ ਅਤੇ ਪਾਰਟੀ ਵਰਕਰਾਂ ਨਾਲ ਕੀਤੀਆਂ ਮੁਲਾਕਾਤਾਂ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਮੂਹ ਸੀਨੀਅਰ ਆਗੂ, ਸਰਕਲ ਪ੍ਰਧਾਨ, ਯੂਥ ਸਰਕਲ ਪ੍ਰਧਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।