ਮੋਗਾ ਪਹੁੰਚੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ, ਹਾਕੀ ਪ੍ਰੇਮੀਆਂ ਵਿਚ ਉਤਸ਼ਾਹ
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਪਹਿਲੀ ਵਾਰ ਕਰਵਾਈ ਜਾ ਰਹੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਨੂੰ ਲੈ ਕੇ ਖੇਡ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਇਸ ਵੱਕਾਰੀ ਅੰਤਰ-ਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ।
ਮੋਗਾ, 25 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਪਹਿਲੀ ਵਾਰ ਕਰਵਾਈ ਜਾ ਰਹੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਨੂੰ ਲੈ ਕੇ ਖੇਡ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਇਸ ਵੱਕਾਰੀ ਅੰਤਰ-ਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਇਸੇ ਲੜੀ ਤਹਿਤ ਟੂਰਨਾਮੈਂਟ ਦੀ ਟਰਾਫ਼ੀ ਅੱਜ ਮੋਗਾ ਜ਼ਿਲ੍ਹੇ ਵਿਚ ਪਹੁੰਚੀ, ਜਿੱਥੇ ਹਾਕੀ ਆਕਸਫੋਰਡ ਸਟੇਡੀਅਮ ਢੁੱਡੀਕੇ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਅਤੇ ਪ੍ਰਦਰਸ਼ਨੀ ਮੈਚ ਰਾਹੀਂ ਹਾਕੀ ਪ੍ਰਤੀ ਉਤਸ਼ਾਹ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਬਰਿੰਦਰ ਕੁਮਾਰ ਮਧੇਕੇ ਜ਼ਿਲ੍ਹਾ ਪ੍ਰਧਾਨ ਆਦਮੀ ਪਾਰਟੀ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਮੋਗਾ ਨਵਦੀਪ ਜਿੰਦਲ ਵੀ ਮੌਜੂਦ ਸਨ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਇਹ ਟਰਾਫ਼ੀ ਸਮਾਗਮ ਪੰਜਾਬ ਦੀ ਅਮੀਰ ਹਾਕੀ ਵਿਰਾਸਤ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਅਹਿਮ ਹਿੱਸਾ ਹੈ। ਟਰਾਫ਼ੀ ਦੇ ਮੋਗਾ ਪਹੁੰਚਣ ਨਾਲ ਜ਼ਿਲ੍ਹੇ ਦੇ ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਦੇ ਲੀਗ ਮੁਕਾਬਲੇ 27 ਅਕਤੂਬਰ ਤੋਂ 2 ਨਵੰਬਰ ਤੱਕ ਜਲੰਧਰ ਵਿਖੇ ਕਰਵਾਏ ਜਾਣਗੇ ਜਦਕਿ 4 ਅਤੇ 5 ਨਵੰਬਰ ਨੂੰ ਮੋਹਾਲੀ ਵਿਖੇ ਸੈਮੀਫਾਈਨਲ, ਫਾਈਨਲ ਅਤੇ ਤੀਜੇ ਸਥਾਨ ਲਈ ਮੁਕਾਬਲੇ ਹੋਣਗੇ। ਟੂਰਨਾਮੈਂਟ ਦੀ ਟਰਾਫ਼ੀ ਨੂੰ ਲੈ ਕੇ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਟਰਾਫ਼ੀ 26 ਅਕਤੂਬਰ ਨੂੰ ਜਲੰਧਰ ਪਹੁੰਚੇਗੀ। ਉਨ੍ਹਾਂ ਕਿਹਾ ਕਿ ਇਹ ਅੰਤਰ-ਰਾਸ਼ਟਰੀ ਟੂਰਨਾਮੈਂਟ ਪੰਜਾਬ ਲਈ ਖੇਡਾਂ ਦੇ ਖੇਤਰ ਵਿਚ ਆਪਣੀ ਪਛਾਣ ਨੂੰ ਹੋਰ ਮਜ਼ਬੂਤ ਕਰਨ ਦਾ ਮਹੱਤਵਪੂਰਨ ਮੌਕਾ ਹੈ। ਇਸ ਨਾਲ ਜਿੱਥੇ ਹਾਕੀ ਪ੍ਰਤੀ ਲੋਕਾਂ ਦੀ ਦਿਲਚਸਪੀ ਵਧੇਗੀ, ਉੱਥੇ ਹੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਪਣਾਉਣ ਅਤੇ ਖੇਡਾਂ ਦੇ ਖੇਤਰ ਵਿਚ ਨਵੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਨਾ ਮਿਲੇਗੀ।