ਕੇਂਦਰੀ ਮੁਲਾਜ਼ਮਾਂ ਦੇ ਡੀ.ਏ. ਵਿਚ 3 ਫ਼ੀਸਦੀ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਕੀਤਾ ਸਵਾਗਤ
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਜਪਾ ਦੇ ਮੋਗਾ ਜ਼ਿਲ੍ਹੇ ਦੇ ਪ੍ਰਧਾਨ ਡਾ. ਹਰਜੋਤ ਕਮਲ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਜਪਾ ਦੇ ਮੋਗਾ ਜ਼ਿਲ੍ਹੇ ਦੇ ਪ੍ਰਧਾਨ ਡਾ. ਹਰਜੋਤ ਕਮਲ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿਚ 3 ਪ੍ਰਤੀਸ਼ਤ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ‘ਤੇ ਸੂਬੇ ਦੇ ਮੁਲਾਜ਼ਮਾਂ ਨੂੰ ਵੀ ਕੇਂਦਰ ਦੀ ਤਰਜ਼ ‘ਤੇ 63 ਪ੍ਰਤੀਸ਼ਤ ਡੀ.ਏ. ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੀ ਆਲੋਚਨ ਕਰਦਿਆਂ ਡਾ. ਹਰਜੋਤ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਜੇ ਤੱਕ 60 ਪ੍ਰਤੀਸ਼ਤ ਡੀ.ਏ. ਵੀ ਨਹੀਂ ਦਿੱਤਾ ਗਿਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਡੀ.ਏ. ਦੇਣ ਦੇ ਨਿਰਦੇਸ਼ ਦਿੱਤੇ ਸਨ, ਪਰ ਸਰਕਾਰ ਨੇ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਇਸ ਦੇ ਨਤੀਜੇ ਵਜੋਂ 27 ਅਕਤੂਬਰ ਨੂੰ ਹਾਈਕੋਰਟ ਨੇ ਆਪ ਸਰਕਾਰ ‘ਤੇ ਇਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਦਾਲਤ ਵਿਚ ਮੁਆਫ਼ੀ ਵੀ ਮੰਗਣੀ ਪਈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬੇ ਦੇ ਲਗ-ਪਗ ਅੱਠ ਲੱਖ ਮੁਲਾਜ਼ਮ ਆਪਣੇ ਹੱਕ ਲੈਣ ਲਈ ਸੜਕਾਂ ‘ਤੇ ਸੰਘਰਸ਼ ਕਰ ਰਹੇ ਹਨ, ਜਦ ਕਿ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ। ਡਾ. ਹਰਜੋਤ ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨੀ ਅਤੇ ਅਦਾਲਤੀ ਚੱਕਰਾਂ ਵਿਰ ਉਲਝਾ ਕੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ‘ਤੇ ਮੁਲਾਜ਼ਮਾਂ ਨੂੰ ਡੀ.ਏ. ਦਾ ਬਕਾਇਆ ਵੀ ਅਦਾ ਕੀਤਾ ਜਾਵੇਗਾ।