ਨਗਰ ਕੌਂਸਲ ਧਰਮਕੋਟ ਅਤੇ ਬਾਘਾ ਪੁਰਾਣਾ ਦੀਆਂ ਚੋਣਾਂ ਲਈ ਪੋਲਿੰਗ ਸਟੇਸ਼ਨਾਂ ਸਮੇਤ ਸਾਰੇ ਮੁਢਲੇ ਪ੍ਰਬੰਧ ਮੁਕੰਮਲ
ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)- ਸੁਪਰੀਮ ਕੋਰਟ ਆਫ਼ ਇੰਡੀਆ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਦੀਆਂ ਨਗਰ ਕੌਂਸਲ ਧਰਮਕੋਟ ਅਤੇ ਬਾਘਾ ਪੁਰਾਣਾ ਦੀਆਂ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਚੋਣਾਂ ਨੂੰ ਸੁਚਾਰੂ, ਸ਼ਾਂਤੀਪੂਰਨ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਅੱਜ ਸੰਬੰਧਿਤ ਰਿਟਰਨਿੰਗ ਅਫ਼ਸਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਚੋਣ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।
ਮੋਗਾ, 10 ਨਵੰਬਰ (ਸੁਰਿੰਦਰਪਾਲ ਸਿੰਘ)- ਸੁਪਰੀਮ ਕੋਰਟ ਆਫ਼ ਇੰਡੀਆ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਦੀਆਂ ਨਗਰ ਕੌਂਸਲ ਧਰਮਕੋਟ ਅਤੇ ਬਾਘਾ ਪੁਰਾਣਾ ਦੀਆਂ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਚੋਣਾਂ ਨੂੰ ਸੁਚਾਰੂ, ਸ਼ਾਂਤੀਪੂਰਨ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਅੱਜ ਸੰਬੰਧਿਤ ਰਿਟਰਨਿੰਗ ਅਫ਼ਸਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਚੋਣ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਨਾਲ ਸੰਬੰਧਿਤ ਸਾਰੀਆਂ ਤਿਆਰੀਆਂ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੀਆਂ ਜਾਣ ਅਤੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਹਰ ਅਧਿਕਾਰੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਵੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਵਿਚ ਮੁੜ ਚੋਣਾਂ ਕਰਵਾਈਆਂ ਜਾਣੀਆਂ ਹਨ, ਜਦ ਕਿ ਨਗਰ ਕੌਂਸਲ ਬਾਘਾ ਪੁਰਾਣਾ ਦੇ ਸਾਰੇ 15 ਵਾਰਡਾਂ ਵਿਚ ਚੋਣਾਂ ਦੁਬਾਰਾ ਹੋਣਗੀਆਂ। ਇਨ੍ਹਾਂ ਚੋਣਾਂ ਲਈ ਵੋਟਿੰਗ ਈ.ਵੀ.ਐਮ. (ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ) ਰਾਹੀਂ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਤਿਆਰੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਚੋਣ ਅਮਲੇ ਦੀ ਤਾਇਨਾਤੀ, ਈ.ਵੀ.ਐਮ. ਦੀ ਉਪਲਬਧਤਾ ਅਤੇ ਸੁਰੱਖਿਆ, ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਬੁਨਿਆਦੀ ਸਹੂਲਤਾਂ, ਚੋਣ ਸਮਗਰੀ ਦੀ ਵੰਡ, ਆਵਾਜਾਈ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਚੋਣ ਅਮਲੇ ਨੂੰ ਲੋੜੀਂਦੀ ਸਿਖਲਾਈ ਤੇ ਹਦਾਇਤਾਂ ਸਮੇਂ ਸਿਰ ਦਿੱਤੀਆਂ ਜਾਣ। ਚੋਣ ਪ੍ਰਬੰਧਾਂ ਲਈ ਬਾਘਾ ਪੁਰਾਣਾ ਵਿਖੇ ਐਸ.ਡੀ.ਐਮ. ਗਗਨਦੀਪ ਸਿੰਘ ਅਤੇ ਧਰਮਕੋਟ ਵਿਖੇ ਐਸ.ਡੀ.ਐਮ. ਗੁਰਵਿੰਦਰ ਸਿੰਘ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੋਵਾਂ ਰਿਟਰਨਿੰਗ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਚੋਣ ਪ੍ਰਕਿਰਿਆ ਦੇ ਹਰੇਕ ਪੜਾਅ ਦੀ ਨਿਯਮਤ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।