ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਵਲੋਂ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ
ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਵਲੋਂ ਪੰਜਾਬ ਸਰਕਾਰ ਦੇ ਨਾਂਅ ਕਿਸਾਨੀ ਮੰਗਾਂ ਸਬੰਧੀ ਇਕ ਮੰਗ ਪੱਤਰ ਨਾਇਬ ਤਹਿਸੀਲਦਾਰ ਗੁਰਸੇਵਕ ਸਿੰਘ ਨੂੰ ਦਿੱਤਾ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫ਼ੂਵਾਲਾ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬ੍ਰਾਹਮਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨਾ ਅਤੇ ਮੰਡੀਆਂ ਨੂੰ ਬੰਦ ਕਰ ਦੇਣਾ ਕਿਸਾਨਾਂ ਨਾਲ ਬੇਇਨਸਾਫ਼ੀ ਹੈ।
ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਵਲੋਂ ਪੰਜਾਬ ਸਰਕਾਰ ਦੇ ਨਾਂਅ ਕਿਸਾਨੀ ਮੰਗਾਂ ਸਬੰਧੀ ਇਕ ਮੰਗ ਪੱਤਰ ਨਾਇਬ ਤਹਿਸੀਲਦਾਰ ਗੁਰਸੇਵਕ ਸਿੰਘ ਨੂੰ ਦਿੱਤਾ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫ਼ੂਵਾਲਾ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬ੍ਰਾਹਮਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨਾ ਅਤੇ ਮੰਡੀਆਂ ਨੂੰ ਬੰਦ ਕਰ ਦੇਣਾ ਕਿਸਾਨਾਂ ਨਾਲ ਬੇਇਨਸਾਫ਼ੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਾਲੇ ਵੀ ਵੱਡੀ ਮਾਤਰਾ ਵਿੱਚ ਝੋਨਾ ਮੰਡੀਆਂ ਵਿਚ ਵਿਕਣ ਲਈ ਪਿਆ ਹੈ। ਖ਼ਾਸ ਕਰਕੇ ਪਿਛੇਤੀ ਕਿਸਮਾਂ ਪੂਸਾ-44 ਅਤੇ 126 ਦੀ ਫ਼ਸਲ ਹੁਣ ਮੰਡੀਆਂ ਵਿਚ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਬੰਪਰ ਪੈਦਾਵਾਰ ਹੋਈ ਹੈ ਅਤੇ ਸਰਕਾਰੀ ਖ਼ਰੀਦ ਦਾ 185 ਲੱਖ ਟਨ ਦਾ ਨਿਰਧਾਰਿਤ ਟੀਚਾ ਵੀ ਲਗਭਗ 20 ਲੱਖ ਟਨ ਵੱਧ ਪੈਦਾਵਾਰ ਕਾਰਨ ਨਾਕਾਫ਼ੀ ਸਾਬਤ ਹੋ ਰਿਹਾ ਹੈ। ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਖ਼ਰੀਦ ਦੇ ਟੀਚਿਆਂ ਦੀ ਆੜ ਵਿਚ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਵੇਚਣ ਤੋਂ ਵਾਂਝਾ ਨਾ ਕਰੇ ਅਤੇ ਹਰ ਕਿਸਾਨ ਦਾ ਇਕ-ਇਕ ਦਾਣਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦਿਆ ਜਾਵੇ। ਕਿਸਾਨ ਆਗੂਆਂ ਨੇ ਗੰਨਾ ਕਾਸ਼ਤਕਾਰਾਂ ਦੇ ਮਸਲੇ ਉਠਾਉਂਦਿਆਂ ਕਿਹਾ ਕਿ 6 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਵਾਅਦਾ ਕੀਤਾ ਗਿਆ ਸੀ ਕਿ ਗੰਨੇ ਦਾ ਭਾਅ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਵੱਧ ਦਿੱਤਾ ਜਾਵੇਗਾ ਅਤੇ ਕਿਸਾਨਾਂ ਨੂੰ ਇਕ ਕਾਊਂਟਰ ਰਾਹੀਂ ਇਕੋ ਸਮੇਂ ਪੂਰੀ ਅਦਾਇਗੀ ਕੀਤੀ ਜਾਵੇਗੀ। ਗੰਨੇ ਦੀ ਪਿਛਲੀ ਬਕਾਇਆ ਰਾਸ਼ੀ ਵੀ ਕਿਸਾਨਾਂ ਨੂੰ ਨਹੀਂ ਮਿਲੀ, ਜਿਸ ਕਾਰਨ ਗੰਨਾ ਕਾਸ਼ਤਕਾਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਖ਼ਰੀਦ ਲਈ ਬੰਦ ਕੀਤੀਆਂ 400 ਮੰਡੀਆਂ ਤੁਰੰਤ ਚਾਲੂ ਕੀਤੀਆਂ ਜਾਣ, ਰਹਿੰਦਾ ਸਾਰਾ ਝੋਨਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦਿਆ ਜਾਵੇ, ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਤੁਰੰਤ ਐਲਾਨਿਆ ਜਾਵੇ, ਗੰਨੇ ਦੀ ਅਦਾਇਗੀ ਇਕ ਕਾਊਂਟਰ ਰਾਹੀਂ ਇਕੋ ਵਾਰ ਕੀਤੀ ਜਾਵੇ ਅਤੇ ਗੰਨੇ ਦੀ ਪਿਛਲੀ ਸਾਰੀ ਬਕਾਇਆ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਤੁਰੰਤ ਪਾਈ ਜਾਵੇ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਹੋਰ ਲਟਕਾਉਣ ਦੀ ਬਜਾਏ ਤੁਰੰਤ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਤਾਂ ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਵੇਗਾ ਇਸ ਮੌਕੇ ਲਖਬੀਰ ਸਿੰਘ ਸੰਧੂਆਣਾ, ਬੰਤ ਸਿੰਘ ਨਿਧਾਂਵਾਲਾ, ਤੀਰਥ ਸਿੰਘ ਘੱਲ ਕਲਾਂ, ਪ੍ਰੇਮ ਲਾਲ ਪੁਰੀ ਦੌਲਤਪੁਰਾ, ਮੋਦਨ ਸਿੰਘ ਨਿਧਾਂ ਵਾਲਾ, ਜਸਵਿੰਦਰ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।