ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ-ਬਾਬਾ ਗੁਰਦੀਪ ਸਿੰਘ
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ 24 ਨਵੰਬਰ ਦਿਨ ਮੰਗਲਵਾਰ ਨੂੰ ਮਨਾਇਆ ਜਾਵੇਗਾ ਤੇ ਇਸ ਮੌਕੇ ਧਾਰਮਿਕ ਦੀਵਾਨ ਸਜਾਏ ਜਾਣਗੇ| ਇਹ ਜਾਣਕਾਰੀ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਨੇ ਦਿੱਤੀ| ਉਹ ਅੱਜ ਇੱਥੇ ‘ਅਜੀਤ ਉਪ ਦਫਤਰ ਮੋਗਾ’ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ| ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਫਕੀਰਾਂ ਤੇ ਸਾਧੂ ਸੰਤਾਂ ਦੀ ਪਵਿੱਤਰ ਧਰਤੀ ਹੈ ਤੇ ਸਾਨੂੰ ਇਨ੍ਹਾਂ ਦੇ ਪ੍ਰਕਾਸ਼ ਪੁਰਬ ਅਤੇ ਦਿਹਾੜੇ ਵੱਡੀ ਪੱਧਰ ’ਤੇ ਮਨਾਉਣੇ ਚਾਹੀਦੇ ਹਨ| ਇਸ ਨਾਲ ਮਨੁੱਖਤਾ ਨੂੰ ਸੇਵਾ, ਨਿਮਰਤਾ, ਸਹਿਣਸ਼ੀਲਤਾ ਅਤੇ ਮਿਲਵਰਤਨ ਦੀ ਪ੍ਰੇਰਨਾ ਦੇ ਨਾਲ ਨਾਲ ਬੱਚਿਆਂ, ਨੌਜਵਾਨਾਂ ਨੂੰ ਇਤਿਹਾਸ ਤੋਂ ਜਾਣੂੰ ਕਰਵਾਉਣ ਦਾ ਮੌਕਾ ਵੀ ਮਿਲਦਾ ਹੈ| ਜੇਕਰ ਸਾਡੀ ਨੌਜਵਾਨੀ ਸਾਡੇ ਅਮੀਰ ਇਤਿਹਾਸ ਤੇ ਵਿਰਸੇ ਨਾਲ ਜੁੜ ਕੇ ਗੁਰਬਾਣੀ ਨਾਲ ਜੁੜੇਗੀ ਤਾਂ ਨਸ਼ੇ ਅਤੇ ਹੋਰ ਸਮਾਜਿਕ ਬੁਰਾਈਆਂ ਆਪਣੇ ਆਪ ਖਤਮ ਹੋ ਜਾਣਗੀਆਂ| ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਹਜ਼ੂਰੀ ਰਾਗੀ, ਢਾਡੀ ਜਥੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ| ਉਨ੍ਹਾਂ ਨੇ ਸੰਗਤਾਂ ਨੂੰ 24 ਨਵੰਬਰ ਨੂੰ ਵੱਡੀ ਗਿਣਤੀ ਵਿਚ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਪਹੁੰਚ ਕੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ| ਇਸ ਸਮੇਂ ਉਨ੍ਹਾਂ ਨਾਲ ਸੁਖਜੀਵਨ ਸਿੰਘ ਸੁੱਖਾ ਰੌਲੀ ਤੇ ਹੋਰ ਸੇਵਾਦਾਰ ਵੀ ਹਾਜ਼ਰ ਸਨ|