30 ਨਵੰਬਰ ਤੱਕ ਲੋਕ ਘਰ ਬੈਠੇ ਆਨਲਾਈਨ ਦਰਜ ਕਰਵਾ ਸਕਣਗੇ ਆਪਣੇ ਘਰ ਅਤੇ ਪਰਿਵਾਰ ਸੰਬੰਧੀ ਵੇਰਵੇ
ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਸਬੰਧੀ ਆਮ ਲੋਕਾਂ ਦੀ ਸਹੂਲਤ ਅਤੇ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਸਵੈ-ਗਣਨਾ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਤਹਿਤ ਅੱਜ ਤੋਂ 30 ਨਵੰਬਰ ਤੱਕ ਜ਼ਿਲ੍ਹਾ ਵਾਸੀ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਮਕਾਨ ਅਤੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਖ਼ੁਦ ਦਰਜ ਕਰਵਾ ਸਕਣਗੇ।
ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਸਬੰਧੀ ਆਮ ਲੋਕਾਂ ਦੀ ਸਹੂਲਤ ਅਤੇ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਸਵੈ-ਗਣਨਾ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਤਹਿਤ ਅੱਜ ਤੋਂ 30 ਨਵੰਬਰ ਤੱਕ ਜ਼ਿਲ੍ਹਾ ਵਾਸੀ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਮਕਾਨ ਅਤੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਖ਼ੁਦ ਦਰਜ ਕਰਵਾ ਸਕਣਗੇ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਸਵੈ-ਗਣਨਾ ਦੀ ਸਹੂਲਤ ਜਨਗਣਨਾ ਪ੍ਰਕਿਰਿਆ ਨੂੰ ਹੋਰ ਸੁਖਾਲਾ, ਪਾਰਦਰਸ਼ੀ ਅਤੇ ਲੋਕ ਪੱਖੀ ਬਣਾਉਣ ਵੱਲ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਰਾਹੀਂ ਲੋਕ ਆਪਣੀ ਸਹੂਲਤ ਅਨੁਸਾਰ ਘਰ ਬੈਠੇ ਹੀ ਆਨਲਾਈਨ ਜਾਣਕਾਰੀ ਭਰ ਸਕਦੇ ਹਨ, ਜਿਸ ਨਾਲ ਸਮੇਂ ਦੀ ਬੱਚਤ ਹੋਵੇਗੀ ਅਤੇ ਜਨਗਣਨਾ ਦੇ ਕੰਮ ਵਿਚ ਲੋਕਾਂ ਦੀ ਸਿੱਧੀ ਭਾਗੀਦਾਰੀ ਵੀ ਵਧੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਜ ਤੋਂ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਘਰ ਤੇ ਪਰਿਵਾਰ ਸਬੰਧੀ ਜਾਣਕਾਰੀ ਸਹੀ ਅਤੇ ਤੱਥਾਂ ਦੇ ਆਧਾਰ ‘ਤੇ ਦਰਜ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੈ-ਗਣਨਾ ਪ੍ਰਕਿਰਿਆ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਜ਼ਿਲ੍ਹੇ ਵਿਚ ਵਿਸ਼ੇਸ਼ ਜਾਗਰੂਕਤਾ ਉਪਰਾਲੇ ਵੀ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਸਮੇਤ ਪਬਲਿਕ ਡੀਲਿੰਗ ਵਾਲੇ ਵੱਖ-ਵੱਖ ਵਿਭਾਗਾਂ ਵਿਚ ਜਾਗਰੂਕਤਾ ਸਟੈਂਡੀਆ ਲਗਾਈਆਂ ਗਈਆਂ ਹਨ, ਤਾਂ ਜੋ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਅਤੇ ਇਸ ਦੇ ਲਾਭਾਂ ਬਾਰੇ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਲੋਕ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਭਾਰਤ ਸਰਕਾਰ ਦੇ ਜਨਗਣਨਾ ਪੋਰਟਲ ‘ਤੇ ਜਾ ਕੇ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਇਸ ਦੌਰਾਨ ਪਰਿਵਾਰ ਮੁਖੀ ਦਾ ਨਾਂਅ, ਮੋਬਾਈਲ ਨੰਬਰ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰ ਕੇ ਓ.ਟੀ.ਪੀ. ਰਾਹੀਂ ਤਸਦੀਕ ਕੀਤੀ ਜਾ ਸਕਦੀ ਹੈ।