ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਫ਼ਤਿਹਗੜ੍ਹ ਪੰਜਤੂਰ, 20 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਅਮਰਗੜ੍ਹ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਸਬਾ ਫ਼ਤਿਹਗੜ੍ਹ ਪੰਜਤੂਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ।
ਫ਼ਤਿਹਗੜ੍ਹ ਪੰਜਤੂਰ, 20 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਅਮਰਗੜ੍ਹ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਸਬਾ ਫ਼ਤਿਹਗੜ੍ਹ ਪੰਜਤੂਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਬਾਬਾ ਹਰਬੰਸ ਸਿੰਘ ਗੇਂਦੂ ਵਲੋਂ ਅਰਦਾਸ ਬੇਨਤੀ ਕੀਤੀ ਗਈ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਕਰ ਰਹੇ ਸਨ। ਨਗਰ ਕੀਰਤਨ ਦੇ ਸਵਾਗਤ ਲਈ ਕਸਬੇ ਵਿਚ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸੰਗਤਾਂ ਲਈ ਥਾਂ-ਥਾਂ ਲੰਗਰ ਅਤੇ ਫਲ-ਫਰੂਟ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਢਾਡੀ ਮਿਲਖਾ ਸਿੰਘ ਮੁਸਾਫ਼ਰ ਡਗਰੂ ਵਾਲਿਆਂ ਨੇ ਆਪਣੀ ਢਾਡੀ ਕਲਾ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਗੁਰਇਤਿਹਾਸ ਅਤੇ ਸਿੱਖ ਧਰਮ ਦੇ ਮਹਾਨ ਫ਼ਲਸਫ਼ੇ ਨਾਲ ਸਬੰਧਿਤ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਵਲੋਂ ਪੇਸ਼ ਕੀਤੀਆਂ ਗਈਆਂ ਢਾਡੀ ਵਾਰਾਂ ਨੇ ਸੰਗਤਾਂ ਵਿਚ ਗੁਰੂ ਇਤਿਹਾਸ ਪ੍ਰਤੀ ਵਿਸ਼ੇਸ਼ ਉਤਸ਼ਾਹ ਅਤੇ ਸ਼ਰਧਾ ਦਾ ਸੰਚਾਰ ਕੀਤਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਮੁੱਚਾ ਕਸਬਾ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਗੂੰਜਦਾ ਰਿਹਾ ਅਤੇ ਹਰ ਪਾਸੇ ਧਾਰਮਿਕ ਮਾਹੌਲ ਬਣਿਆ ਰਿਹਾ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸੰਸਾਰ ਨੂੰ ਦਿੱਤੇ ਗਏ ਸਰਬੱਤ ਦੇ ਭਲੇ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਹਾਨ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਵੀ ਦਿੱਤੀ ਗਈ। ਅੰਤ ਵਿਚ ਗੁਰਦੁਆਰਾ ਅਮਰਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ।