ਮਲੇਰਕੋਟਲਾ, 2 ਜਨਵਰੀ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੀ ਪੁਲਿਸ ਵਲੋਂ ਨਸ਼ਿਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਸ਼ਹਿਰ ਦੇ ਅੰਦਰ ਵੱਖ-ਵੱਖ ਮੈਡੀਕਲ ਸਟੋਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਲੇਰਕੋਟਲਾ ਸੱਤਪਾਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਪੁਲਿਸ ਵਲੋਂ ਸਿਵਲ ਹਸਪਤਾਲ ਦੇ ਨੇੜਲੇ ਮੈਡੀਕਲ ਸਟੋਰਾਂ ਦੀ ਡਰੱਗ ਇੰਸਪੈਕਟਰ ਨਵਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਅਚਾਨਕ ਜਾਂਚ ਕੀਤੀ ਗਈ | ਉਪ ਕਪਤਾਨ ਪੁਲਿਸ ਮਲੇਰਕੋਟਲਾ ਮਾਨਵਜੀਤ ਸਿੰਘ, ਉਪ- ਕਪਤਾਨ ਪੁਲਿਸ ਐਨ.ਡੀ.ਪੀ.ਐਸ. ਕਮ ਨਾਰਕੋਟਿਕਸ ਮਲੇਰਕੋਟਲਾ ਯਾਦਵਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਸਿਟੀ-1 ਇੰਸਪੈਕਟਰ ਬਲਜੀਤ ਸਿੰਘ, ਮੁੱਖ ਅਫ਼ਸਰ ਥਾਣਾ ਸਾਇਬਰ ਕ੍ਰਾਈਮ ਇੰਸਪੈਕਟਰ ਮਨਜੋਤ ਸਿੰਘ ਹਾਜ਼ਰ ਸਨ | ਜਾਂਚ ਦੌਰਾਨ ਸਮੂਹ ਮੈਡੀਕਲ ਸਟੋਰਾਂ ਦੇ ਲਾਇਸੰਸਾਂ ਦੀ ਜਾਂਚ ਕੀਤੀ ਗਈ ਅਤੇ ਮੈਡੀਕਲ ਸਟੋਰਾਂ 'ਤੇ ਮੌਜੂਦ ਸਟਾਫ਼ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਪੰਜਾਬ ਸਰਕਾਰ ਵਲੋਂ ਪਾਬੰਦੀਸ਼ੁਦਾ ਕਿਸੇ ਵੀ ਕਿਸਮ ਦੀ ਦਵਾਈ ਦੀ ਵਿੱਕਰੀ ਨਾ ਕੀਤੀ ਜਾਵੇ | ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ | ਪੁਲਿਸ ਅਧਿਕਾਰੀਆਂ ਨੇ ਦਿ੍ੜਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਅਤੇ ਗੈਰ ਕਾਨੂੰਨੀ ਦਵਾਈ ਵਿਕਰੇਤਾਵਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਤੇ ਭਵਿੱਖ ਵਿਚ ਵੀ ਜ਼ਿਲ੍ਹਾ ਮਲੇਰਕੋਟਲਾ ਵਿਚ ਅਜਿਹੀਆਂ ਅਚਾਨਕ ਜਾਂਚਾਂ ਤੇ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ | ਉੱਚ ਪੁਲਿਸ ਅਧਿਕਾਰੀਆਂ ਨੇ ਆਮ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਮਲੇਰਕੋਟਲਾ ਪੁਲਿਸ ਨਸ਼ਿਆਂ ਖ਼ਿਲਾਫ਼ ਠੋਸ ਤੇ ਪ੍ਰਭਾਵਸ਼ਾਲੀ ਕਾਰਵਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਦਾ ਪੂਰਾ ਸਾਥ ਦੇਣ, ਤਾਂ ਜੋ ਜ਼ਿਲ੍ਹਾ ਮਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ |