ਮਲੇਰਕੋਟਲਾ, 3 ਜਨਵਰੀ (ਮਨਜਿੰਦਰ ਸਿੰਘ ਸਰੌਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਲੇਰਕੋਟਲਾ ਨੇ 10 ਪੱਤਰਕਾਰਾਂ ਤੋਂ ਇਲਾਵਾ ਆਰ.ਟੀ.ਆਈ. ਕਾਰਕੁਨਾਂ 'ਤੇ ਲੁਧਿਆਣਾ ਦੀ ਪੁਲਿਸ ਵਲੋਂ ਕੀਤੇ ਪਰਚੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਇਸ ਸਬੰਧੀ ਪੈੱ੍ਰਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਜਨਰਲ ਸਕੱਤਰ ਕੇਵਲ ਸਿੰਘ ਭੜੀ ਤੇ ਰਵਿੰਦਰ ਸਿੰਘ ਕਾਸਾਪੁਰ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਚੁੱਕੇ ਗਏ ਇਹ ਕਦਮ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੀ ਪੈੱ੍ਰਸ ਦੀ ਆਜ਼ਾਦੀ 'ਤੇ ਹਮਲਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਦੀ ਸਰਕਾਰ ਵਲੋਂ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਕੇ ਲੋਕਾਂ ਤੇ ਕੀਤੇ ਜਾ ਰਹੇ ਆਰਥਿਕ ਹਮਲਿਆਂ ਦਾ ਟਾਕਰਾ ਕਰ ਰਹੇ ਲੋਕਾਂ ਦੇ ਰੋਹ ਦੀ ਪੈੱ੍ਰਸ ਰਾਹੀਂ ਆਵਾਜ਼ ਬੁਲੰਦ ਕੀਤੀ ਜਾਂਦੀ ਹੈ, ਜਿਸ ਨੂੰ ਭਗਵੰਤ ਮਾਨ ਸਰਕਾਰ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਕਿਸਾਨ ਆਗੂਆਂ ਨੇ ਸੱਦਾ ਦਿੱਤਾ ਕਿ ਸਰਕਾਰ ਦੇ ਇਸ ਹਮਲੇ ਵਿਰੁੱਧ ਸਮੂਹ ਕਿਰਤੀ ਲੋਕ ਸੰਘਰਸ਼ ਦੇ ਮੈਦਾਨ 'ਚ ਆਉਣ | ਉਨ੍ਹਾਂ ਕਿਹਾ ਕਿ ਪੱਤਰਕਾਰ ਭਾਈਚਾਰੇ ਵਲੋਂ ਜੋ ਵੀ ਇਸ ਖ਼ਿਲਾਫ਼ ਪ੍ਰੋਗਰਾਮ ਉਲੀਕਿਆ ਜਾਵੇਗਾ, ਜਥੇਬੰਦੀ ਵੱਲੋਂ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਮੁਕੇਸ਼ ਮਲੌਦ ਨੂੰ ਗਿ੍ਫ਼ਤਾਰ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਹੱਕੀ ਸੰਘਰਸ਼ ਨੂੰ ਕੁਚਲਨ ਲਈ ਆਗੂਆਂ ਨੂੰ ਜੇਲ੍ਹਾਂ ਵਿਚ ਬੰਦ ਕਰ ਰਹੀ ਹੈ ਤੇ ਬਾਕੀ ਆਗੂਆਂ ਨੂੰ ਵੀ ਜੇਲ੍ਹਾਂ ਵਿਚ ਬੰਦ ਕਰਨ ਦੀਆਂ ਸਕੀਮਾਂ ਘੜ ਰਹੀ ਹੈ ਤਾਂ ਜੋ ਲੋਕ ਵਿਰੋਧੀ ਨੀਤੀਆਂ ਲੋਕਾਂ ਤੇ ਮੜ੍ਹੀਆਂ ਜਾ ਸਕਣ | ਉਨ੍ਹਾਂ ਮੰਗ ਕੀਤੀ ਕਿ ਪੱਤਰਕਾਰਾਂ ਤੇ ਮਜ਼ਦੂਰ ਆਗੂ ਮੁਕੇਸ਼ ਮਲੌਦ ਖ਼ਿਲਾਫ਼ ਪਰਚਾ ਰੱਦ ਕਰ ਕੇ ਉਸ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ | ਇਸ ਮੌਕੇ ਕਈ ਕਿਸਾਨ ਆਗੂ ਹਾਜ਼ਰ ਸਨ |