ਧੂਰੀ, 5 ਜਨਵਰੀ (ਲਖਵੀਰ ਸਿੰਘ ਧਾਂਦਰਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਲਏ ਗਏ ਤਾਜ਼ਾ ਫ਼ੈਸਲੇ ਸਬੰਧੀ ਪੰਜਾਬ ਲਘੂ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਅਤੇ ਮੁੱਖ ਮੰਤਰੀ ਕੈਂਪਸ ਦਫ਼ਤਰ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ ਨੇ ਇਸ ਨੂੰ ਦੇਸ਼ ਦੇ ਇਤਿਹਾਸ ਦਾ ਸਭ ਤੋਂ ਵੱਡਾ ਅਤੇ ਇਤਿਹਾਸਕ ਫ਼ੈਸਲਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਉਹ ਕਰ ਦਿਖਾਇਆ ਹੈ, ਜੋ ਪਿਛਲੀਆਂ ਸਰਕਾਰਾਂ ਲਈ ਮਹਿਜ਼ ਇੱਕ ਸੁਪਨਾ ਸੀ | ਦਲਵੀਰ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਸੀ | ਉਨ੍ਹਾਂ ਮੁੱਖ ਤੌਰ 'ਤੇ ਹੇਠ ਲਿਖੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇ ਕੇ ਆਮ ਲੋਕਾਂ ਦੇ ਆਰਥਿਕ ਬੋਝ ਨੂੰ ਘਟਾਇਆ | ਉਨ੍ਹਾਂ ਕਿਹਾ ਕਿ ਸਰਕਾਰ ਨੇ 'ਸਕੂਲ ਆਫ਼ ਐਮੀਨੈਸ' ਰਾਹੀਂ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਕਰ ਕੇ ਗਰੀਬ ਬੱਚਿਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਈ ਅਤੇ ਪਿੰਡਾਂ ਅਤੇ ਸ਼ਹਿਰਾਂ ਵਿਚ ਖੋਲ੍ਹੇ ਗਏ 'ਆਮ ਆਦਮੀ ਕਲੀਨਿਕ' ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ | ਸਿਹਤ ਬੀਮਾ ਯੋਜਨਾ ਬਾਰੇ ਵਿਸਥਾਰ ਵਿਚ ਦੱਸਦਿਆਂ ਢਿੱਲੋਂ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਇਹ ਫ਼ੈਸਲਾ ਖ਼ਾਸ ਕਰ ਕੇ ਉਨ੍ਹਾਂ ਪਰਿਵਾਰਾਂ ਲਈ ਜੀਵਨ-ਦਾਨ ਸਾਬਤ ਹੋਵੇਗਾ, ਜੋ ਮਹਿੰਗੇ ਇਲਾਜ ਕਾਰਨ ਕਰਜ਼ੇ ਦੇ ਬੋਝ ਹੇਠ ਦੱਬ ਜਾਂਦੇ ਸਨ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਇਨ੍ਹਾਂ ਕੰਮਾਂ ਨੂੰ ਅਸੰਭਵ ਦੱਸਦੀਆਂ ਸਨ ਪਰ ਮਾਨ ਸਰਕਾਰ ਨੇ ਇਮਾਨਦਾਰੀ ਨਾਲ ਇਨ੍ਹਾਂ ਨੂੰ ਹਕੀਕਤ ਵਿਚ ਬਦਲ ਦਿੱਤਾ ਹੈ | ਉਨ੍ਹਾਂ ਕਿਹਾ ਕਿ 'ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਦੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਵਿਤਕਰੇ ਦੇ ਵਧੀਆ ਸਹੂਲਤਾਂ ਪ੍ਰਦਾਨ ਕਰਨਾ ਹੈ | ਸਿਹਤ ਬੀਮਾ ਯੋਜਨਾ ਇਸੇ ਦਿਸ਼ਾ ਵਿਚ ਇੱਕ ਮੀਲ ਦਾ ਪੱਥਰ ਹੈ |'