ਧੂਰੀ, 6 ਜਨਵਰੀ (ਧਾਂਦਰਾ) - ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਆਂ ਵਿਚ ਕੰਮ ਕਰਦੇ 700 ਕੱਚੇ ਇੰਸਟਰਕਟਰਾਂ ਨੇ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿਚ ਅੱਜ ਸੂਬਾ ਪੱਧਰੀ ਵੱਡੀ ਰੋਸ ਰੈਲੀ ਕੀਤੀ ਗਈ | ਜਿਸ ਵਿਚ ਵੱਡੀ ਗਿਣਤੀ ਮਹਿਲਾਂ ਕਰਮਚਾਰੀਆਂ ਦੀ ਸੀ | ਜਥੇਬੰਦੀ ਦੇ ਆਗੂ ਸੇਵਾ ਸਿੰਘ, ਨਵਨੀਤ ਸਿੰਘ, ਜਸਵਿੰਦਰ ਸਿੰਘ ਅਤੇ ਸੁਖਰਾਜ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਤਰਨਤਾਰਨ ਪੱਕੇ ਮੋਰਚੇ ਵਿਚ ਫੈਸਲਾ ਕੀਤਾ ਸੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਾਅਦੇ ਅਨੁਸਾਰ ਪੂਰਾ ਨਹੀਂ ਕੀਤਾ ਤਾਂ ਉਹ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ੍ਹ ਵਿਖੇ ਪੱਕਾ ਧਰਨਾ ਲਗਾਉਣਗੇ | ਜਥੇਬੰਦੀ ਨੇ ਫੈਸਲਾ ਕੀਤਾ ਕਿ ਜੇਕਰ ਹੁਣ ਵੀ ਸਰਕਾਰ ਨੇ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੇ ਵਿਧਾਨਸਭਾ ਹਲਕੇ ਧੂਰੀ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ ਜਿਸ ਵਿਚ ਧਰਨੇ ਵਿਚ ਪਹੁੰਚੀਆਂ ਭਰਾਤਰੀ ਜਥੇਬੰਦੀਆਂ ਵਲੋਂ ਵੀ ਭਵਿੱਖ ਵਿਚ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ |