ਮਲੇਰਕੋਟਲਾ, 6 ਜਨਵਰੀ (ਅਜੀਤ ਬਿਊਰੋ) - ਬੀਤੇ ਦਿਨੀਂ ਪੰਜਾਬ ਅੰਦਰ ਕੁਝ ਪੱਤਰਕਾਰਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਐਕਟਿਵ ਪ੍ਰੈੱਸ ਕਲੱਬ ਮਲੇਰਕੋਟਲਾ ਵਲੋਂ ਪ੍ਰਧਾਨ ਸੁੱਖਾ ਖੇੜੀ ਵਾਲਾ ਦੀ ਅਗਵਾਈ ਹੇਠ ਪੱਤਰਕਾਰਾਂ ਦੇ ਇੱਕ ਵਫ਼ਦ ਨੇ ਅੱਜ ਡਿਪਟੀ ਕਮਿਸ਼ਨਰ ਮਲੇਰਕੋਟਲਾ ਜਨਾਬ ਵਿਰਾਜ ਐੱਸ. ਤਿੜਕੇ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ | ਮੰਗ ਪੱਤਰ ਵਿਚ ਬੇਨਤੀ ਕੀਤੀ ਗਈ ਕਿ ਉਕਤ ਮਾਮਲਿਆਂ ਦੀ ਨਿਰਪੱਖ ਅਤੇ ਬਾਰੀਕੀ ਨਾਲ ਜਾਂਚ ਕਰਵਾ ਕੇ ਬੇਦੋਸ ਪੱਤਰਕਾਰਾਂ ਖ਼ਿਲਾਫ਼ ਦਰਜ ਕੀਤੇ ਗਏ ਪਰਚਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ | ਜ਼ਿਲ੍ਹਾ ਐਕਟਿਵ ਪ੍ਰੈੱਸ ਕਲੱਬ ਦੇ ਪ੍ਰਧਾਨ ਸੁੱਖਾ ਖੇੜੀ ਵਾਲਾ ਨੇ ਕਿਹਾ ਕਿ ਪੱਤਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ ਹਨ ਅਤੇ ਪੈੱ੍ਰਸ ਦੀ ਆਜ਼ਾਦੀ 'ਤੇ ਕਿਸੇ ਵੀ ਤਰ੍ਹਾਂ ਦਾ ਹਮਲਾ ਬਰਦਾਸ਼ਤ ਯੋਗ ਨਹੀਂ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਦਾ ਪੱਤਰਕਾਰ ਭਾਈਚਾਰਾ ਕਿਸੇ ਵੀ ਕੀਮਤ 'ਤੇ ਆਪਣੀ ਆਜ਼ਾਦੀ ਨਾਲ ਸਮਝੌਤਾ ਨਹੀਂ ਕਰੇਗਾ | ਜ਼ਿਲ੍ਹਾ ਐਕਟਿਵ ਪ੍ਰੈੱਸ ਕਲੱਬ ਵਲੋਂ ਮੰਗ ਕੀਤੀ ਗਈ ਕਿ ਪੱਤਰਕਾਰਾਂ ਖ਼ਿਲਾਫ਼ ਦਰਜ ਕੀਤੇ ਗਏ ਸਾਰੇ ਝੂਠੇ ਅਤੇ ਬੇਬੁਨਿਆਦ ਪਰਚਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ |