ਸੰਗਰੂਰ, 25 ਜਨਵਰੀ (ਧੀਰਜ ਪਸ਼ੌਰੀਆ) - ਮਜ਼ਦੂਰ ਜਥੇਬੰਦੀਆਂ ਨੇ ਸੂਬਾ ਸਰਕਾਰ ਵਲੋਂ 10 ਫ਼ਰਵਰੀ ਨੂੰ ਗੱਲਬਾਤ ਦਾ ਸੱਦਾ ਦੇਣ ਉਪਰੰਤ 27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਕੀਤੇ ਜਾਣ ਵਾਲਾ ਧਰਨਾ ਮੁਜ਼ਾਹਰਾ ਮੁਲਤਵੀ ਕਰ ਦਿੱਤਾ ਹੈ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਧਰਮਵੀਰ ਹਰੀਗੜ੍ਹ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਧਰਨੇ ਮੁਜ਼ਾਹਰੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨਾਲ ਦੋ ਦਿਨ ਲਗਾਤਾਰ ਮੀਟਿੰਗਾਂ ਕੀਤੀਆਂ ਗਈਆਂ | ਜਿਸ ਵਿਚ ਮਜ਼ਦੂਰ ਆਗੂਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਾਲੌਦ ਨੂੰ ਜਲਦੀ ਰਿਹਾਅ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਮਜ਼ਦੂਰ ਮੰਗਾਂ ਦੇ ਠੋਸ ਹੱਲ ਲਈ 10 ਫ਼ਰਵਰੀ ਨੂੰ ਸੂਬਾ ਸਰਕਾਰ ਵਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ | ਇਸ ਨੂੰ ਧਿਆਨ ਵਿਚ ਰੱਖਦੇ ਹੋਏ ਮਜ਼ਦੂਰ ਜਥੇਬੰਦੀਆਂ ਵਲੋਂ ਹਾਲ ਦੀ ਘੜੀ ਇਸ ਮੁਜ਼ਾਹਰੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸਕੱਤਰ ਬਿੱਕਰ ਸਿੰਘ ਹਥੋਆ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ, ਮਜ਼ਦੂਰ ਮੁਕਤੀ ਮੋਰਚਾ ਦੇ ਪ੍ਰਧਾਨ ਗੋਬਿੰਦ ਸਿੰਘ ਛਾਂਜਲੀ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੰਜੀਵ ਮਿੰਟੂ ਨੇ ਦੱਸਿਆ ਕੀ ਆਪ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਮਜ਼ਦੂਰਾਂ ਦੀਆ ਮੰਗਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ ਅਤੇ ਉਲਟਾ ਮਜ਼ਦੂਰ ਆਗੂਆਂ ਦੀ ਝੂਠੇ ਪਰਚਿਆ ਚ ਗਿ੍ਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ | ਮਜ਼ਦੂਰ ਮੰਗਾਂ ਦੇ ਹੱਲ ਲਈ ਮਜ਼ਦੂਰ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਵਲੋਂ 10 ਫ਼ਰਵਰੀ ਨੂੰ ਮੀਟਿੰਗ ਲਈ ਦਿੱਤੇ ਗਏ ਸੱਦੇ ਦਾ ਅੱਜ ਲਿਖਤੀ ਪੱਤਰ ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵਲੋਂ ਸੌਂਪਿਆ ਗਿਆ | ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਧਰਮਵੀਰ ਸਿੰਘ ਹਰੀਗੜ੍ਹ ਸਮੇਤ ਹੋਰ ਆਗੂ ਮੌਜੂਦ ਸਨ |