ਮਲੇਰਕੋਟਲਾ, 25 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਅੱਜ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਲੇਰਕੋਟਲਾ ਤੋਂ ਸ਼ੁਰੂ ਕਰ ਕੇ ਮਲੇਰਕੋਟਲਾ ਦੇ ਵੱਖ-ਵੱਖ ਬਾਜ਼ਾਰਾਂ ਅੰਦਰ ਦੀ ਹੁੰਦੇ ਹੋਏ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੈਦਲ ਫਲੈਗ ਮਾਰਚ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 26 ਜਨਵਰੀ ਦੇ ਦਿਹਾੜੇ ਨੂੰ ਧਿਆਨ ਵਿਚ ਰੱਖਦੇ ਹੋਏ ਜਿੱਥੇ ਪੰਜਾਬ ਭਰ ਵਿਚ ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਜਿਸ ਨੂੰ ਲੈ ਕੇ ਅੱਜ ਮਲੇਰਕੋਟਲਾ ਵਿਖੇ ਵੀ ਫਲੈਗ ਮਾਰਚ ਕੀਤਾ ਗਿਆ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ ਜ਼ਿਲ੍ਹੇ ਦੀ ਅਮਨ ਸ਼ਾਂਤੀ ਨੂੰ ਭੰਗ ਨਾ ਕਰ ਸਕੇ ਅਤੇ ਜ਼ਿਲ੍ਹਾ ਵਾਸੀ ਗਣਤੰਤਰਤਾ ਦਿਵਸ ਨੂੰ ਪੂਰੇ ਉਤਸ਼ਾਹ ਨਾਲ ਮਨਾ ਸਕਣ | ਉਨ੍ਹਾਂ ਕਿਹਾ ਕਿ ਮਲੇਰਕੋਟਲਾ ਜ਼ਿਲ੍ਹਾ ਪੁਲਿਸ ਨੂੰ ਪੂਰੇ ਅਲਰਟ 'ਤੇ ਰੱਖਿਆ ਗਿਆ ਹੈ | ਜਿਸ ਤਹਿਤ ਲਗਾਤਾਰ ਸਰਚ ਅਭਿਆਨ, ਨਾਕੇਬੰਦੀ ਅਤੇ ਗ਼ਲਤ ਅਨਸਰਾਂ ਉੱਪਰ ਪੁਲਿਸ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਪ੍ਰੈੱਸ ਦੇ ਮਾਧਿਅਮ ਰਾਹੀਂ ਅਪੀਲ ਕਰਦਿਆਂ ਕਿਹਾ ਕਿ ਅਗਰ ਕਿਸੇ ਵੀ ਵਿਅਕਤੀ ਨੂੰ ਕੋਈ ਸ਼ੱਕੀ ਵਸਤੂ ਜਾਂ ਹੋਰ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਉਹ ਵਿਅਕਤੀ ਫ਼ੌਰੀ ਤੌਰ 'ਤੇ ਸਬੰਧਿਤ ਥਾਣਿਆਂ ਜਾਂ ਪੁਲਿਸ ਦੇ ਹੈਲਪ ਲਾਈਨ ਨੰਬਰ 112 'ਤੇ ਗੁਪਤ ਜਾਣਕਾਰੀ ਦੇ ਸਕਦੇ ਹਨ | ਉਨ੍ਹਾਂ ਕਿਹਾ ਕਿ ਮਲੇਰਕੋਟਲਾ ਪੁਲਿਸ ਵਲੋਂ ਪਿਛਲੇ ਕਈ ਦਿਨਾਂ ਤੋਂ ਗ਼ਲਤ ਅਨਸਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਜੰਗੀ ਪੱਧਰ 'ਤੇ ਮੁਹਿੰਮ ਵਿੱਢੀ ਹੋਈ ਹੈ | ਪੁਲਿਸ ਮੁਖੀ ਨੇ ਕਿਹਾ ਕਿ ਮਲੇਰਕੋਟਲਾ ਦੀ ਆਪਸੀ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਡੀ.ਆਈ.ਜੀ. ਗੁਰਮੀਤ ਸਿੰਘ ਚੌਹਾਨ ਵਲੋਂ ਵੀ ਮਲੇਰਕੋਟਲਾ ਵਿਖੇ ਉਚੇਚੇ ਤੌਰ ਤੇ ਪੁੱਜ ਕੇ ਸੁਰੱਖਿਆ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸੇ ਮੌਕੇ ਜਨਾਬ ਸਤਪਾਲ ਸ਼ਰਮਾ ਐੱਸ.ਪੀ. (ਡੀ), ਜਨਾਬ ਗੁਰਸ਼ਰਨਜੀਤ ਸਿੰਘ ਸੰਧੂ ਐਸ.ਪੀ. (ਐੱਚ), ਜਨਾਬ ਰਾਜਵਿੰਦਰ ਸਿੰਘ ਰੰਧਾਵਾ ਐੱਸ.ਪੀ. (ਪੀ.ਬੀ.ਆਈ), ਡਾਕਟਰ ਮਾਨਵਜੀਤ ਸਿੱਧੂ ਡੀ.ਐਸ.ਪੀ. ਮਲੇਰਕੋਟਲਾ, ਬਿਕਰਮਜੀਤ ਸਿੰਘ ਘੁੰਮਣ ਡੀ.ਐੱਸ.ਪੀ. (ਐੱਚ), ਸਤੀਸ਼ ਕੁਮਾਰ ਡੀ.ਐੱਸ.ਪੀ, ਯਾਦਵਿੰਦਰ ਸਿੰਘ ਡੀ.ਐਸ.ਪੀ. ਤੋਂ ਇਲਾਵਾ ਵੱਖ-ਵੱਖ ਥਾਣਿਆਂ ਦੇ ਇੰਚਾਰਜ ਮੌਜੂਦ ਸਨ |