ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਬਾਬਾ ਕਾਲਾ ਮਹਿਰ ਬਹੁ ਮੰਤਵੀ ਖੇਡ ਸਟੇਡੀਅਮ ਬਰਨਾਲਾ ਵਿਖੇ ਗਣਤੰਤਰ ਦਿਵਸ ਦੀ ਫ਼ੁੱਲ ਡਰੈੱਸ ਰਿਹਰਸਲ ਹੋਈ | ਜਿਸ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਸਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਨਾਲ ਭਰਪੂਰ ਹੋਵੇਗਾ ਅਤੇ ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕਿ੍ਸ਼ਨ ਸਿੰਘ ਰੋੜੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਦੌਰਾਨ ਪਰੇਡ ਤੋਂ ਸਲਾਮੀ ਲਈ ਗਈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਆਪਣੇ ਪਰਿਵਾਰਾਂ ਸਮੇਤ ਆਉਣ ਲਈ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਸਮਾਗਮ ਦੌਰਾਨ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫ਼ੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ-ਵੱਖ ਵਿਭਾਗਾਂ ਵਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ | ਇਸ ਮੌਕੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ ਅਮਿੱਤ ਬੈਂਬੀ, ਉਪ ਮੰਡਲ ਮੈਜਿਸਟਰੇਟ ਡਾ. ਅਜੀਤਪਾਲ ਸਿੰਘ ਅਤੇ ਸਾਰੇ ਵਿਭਾਗਾਂ ਦੇ ਮੁਖੀ ਤੇ ਕਰਮਚਾਰੀ ਹਾਜ਼ਰ ਸਨ |