ਸੰਗਰੂਰ/ ਧਰਮਗੜ੍ਹ, 31 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ) - ਵੀਹਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ ਅਨਿੰਨ ਸੇਵਕ ਸੰਤ ਤੇਜਾ ਸਿੰਘ (ਐਮ.ਏ.) ਦੇ ਸੇਵਕ ਸ਼ੋ੍ਰਮਣੀ ਪੰਥ ਰਤਨ ਅਤੇ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀ ਚੌਥੀ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਬੜੂ ਸਾਹਿਬ (ਹਿ.ਪ੍ਰ.) ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਸਮਾਗਮ ਦੌਰਾਨ 3100 ਸ੍ਰੀ ਸਹਿਜ ਪਾਠਾਂ ਦੋ ਭੋਗ ਪਾਏ ਗਏ ਅਤੇ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ | ਸਮਾਗਮ ਦੌਰਾਨ ਪ੍ਰਸਿੱਧ ਕਥਾਵਾਚਕ ਭਾਈ ਹਰਪਾਲ ਸਿੰਘ ਫ਼ਤਿਹਗੜ੍ਹ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਅਨਾਹਦ ਬਾਣੀ ਤੰਤੀ ਸਾਜ਼ ਜਥਾ ਬੜੂ ਸਾਹਿਬ, ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀਆ ਅਤੇ ਅਕਾਲ ਗੁਰਮਤਿ ਸੰਗੀਤ ਵਿਦਿਆਲਾ ਬੜੂ ਸਾਹਿਬ ਦੇ ਸਿੱਖਿਆਰਥੀਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੇ ਅਖੀਰ 'ਚ ਟਰੱਸਟ ਦੇ ਪ੍ਰਧਾਨ (ਡਾ.) ਦਵਿੰਦਰ ਸਿੰਘ ਬੜੂ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਬਾਬਾ ਇਕਬਾਲ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਗੁਰਮਤਿ ਬਚਨਾਂ ਦੀ ਸਾਂਝ ਪਾਈ ਅਤੇ ਟਰੱਸਟ ਦੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਸੰਗਤਾਂ ਦਾ ਧੰਨਵਾਦ ਕੀਤਾ |