ਧਰਮਗੜ੍ਹ, 4 ਫ਼ਰਵਰੀ (ਚਹਿਲ) - ਭਗਤ ਰਵੀਦਾਸ ਜੀ ਦੇ 649ਵੇਂ ਜਨਮ ਦਿਵਸ ਨੂੰ ਮੁੱਖ ਰੱਖਦਿਆਂ ਪਿੰਡ ਫਲੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ, ਦੀ ਸਮਾਪਤੀ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਗੁਰਦਵਾਰਾ ਸਾਹਿਬ ਵਿਖੇ ਕੀਤੀ ਗਈ | ਜਿਸ 'ਚ ਵੱਖ-ਵੱਖ ਢਾਡੀ ਜਥਿਆਂ ਅਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਭਗਤ ਰਵੀਦਾਸ ਜੀ ਦੇ ਜੀਵਨ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ ਗਿਆ ਅਤੇ ਉਨ੍ਹਾਂ ਦੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਬਾਰੇ ਵੀ ਵਿਸਥਾਰ ਸਹਿਤ ਚਾਨਣਾ ਪਾਉਂਦਿਆਂ ਉਨ੍ਹਾਂ ਵਲੋਂ ਸਮਾਜ ਲਈ ਕੀਤੇ ਕਾਰਜਾਂ ਬਾਰੇ ਚਾਨਣਾ ਪਾਇਆ ਗਿਆ | ਸੰਗਤਾਂ ਨੂੰ ਭਗਤ ਰਵੀਦਾਸ ਜੀ ਦੇ ਬਚਨਾਂ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਵਲੋਂ ਵੀ ਵਿਸ਼ੇਸ਼ ਹਾਜ਼ਰੀ ਭਰ ਕੇ ਵਿੱਤ ਮੰਤਰੀ ਵਲੋਂ ਰਵੀਦਾਸ ਮੰਦਰ ਦੇ ਵਿਕਾਸ ਲਈ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਵੀ ਜਾਰੀ ਕੀਤੀ ਗਈ | ਕਮੇਟੀ ਦੇ ਅਹੁਦੇਦਾਰਾਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਗਰਾਂਟ ਜਾਰੀ ਕਰਨ 'ਤੇ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਇਸ ਮੌਕੇ ਨਗਰ ਪੰਚਾਇਤ ਅਤੇ ਗੁਰਦਵਾਰਾ ਕਮੇਟੀ ਦੇ ਅਹੁਦੇਦਾਰ ਮੌਜੂਦ ਸਨ |