ਮਲੇਰਕੋਟਲਾ, 5 ਫਰਵਰੀ (ਮਨਜਿੰਦਰ ਸਿੰਘ ਸਰੌਦ) - ਪੰਜਾਬ ਅੰਦਰ ਚੀਨੀ ਡੋਰ ਦੀ ਵਰਤੋਂ ਨੂੰ ਰੋਕਣ ਦੇ ਲਈ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਮਝਾਉਣ | ਇਸ ਸੰਬੰਧੀ ਗੱਲਬਾਤ ਕਰਦਿਆਂ ਪ੍ਰਸਿੱਧ ਪੰਜਾਬੀ ਲੇਖਕ, ਸਹਾਇਕ ਪ੍ਰੋਫ਼ੈਸਰ ਗੀਤਾ ਰਾਣੀ ਨੇ ਆਖਿਆ ਕਿ ਬੱਚਿਆਂ ਵਲੋਂ ਪਤੰਗ ਉਡਾਉਣ ਦੇ ਲਈ ਇਸ ਦੀ ਵਰਤੋਂ ਹੁਣ ਆਮ ਕੀਤੀ ਜਾਣ ਲੱਗੀ ਹੈ, ਜਿਸ ਕਾਰਨ ਆਮ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ | ਜਿੱਥੇ ਮਾਪੇ ਆਪਣੇ ਬੱਚਿਆਂ ਨੂੰ ਇਸ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣ ਉੱਥੇ ਹੀ ਸਰਕਾਰ ਤੇ ਪ੍ਰਸ਼ਾਸਨ ਇਸ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੇ ਲਈ ਸਖਤ ਕਦਮ ਚੁੱਕੇ | ਪ੍ਰੋ. ਗੀਤਾ ਰਾਣੀ ਨੇ ਆਖਿਆ ਕਿ ਸਾਨੂੰ ਸਾਰਿਆਂ ਨੂੰ ਇਸ ਬੇਰਹਿਮ ਡੋਰ ਦਾ ਬਾਈਕਾਟ ਕਰਨਾ ਚਾਹੀਦਾ ਹੈ ਤਾਂ ਕਿ ਕਿਸੇ ਵੀ ਵਿਅਕਤੀ ਨੂੰ ਇਸ ਦਾ ਸੰਤਾਪ ਨਾ ਹੰਢਾਉਣਾ ਪਵੇ | ਸਾਡੀਆਂ ਵਿੱਦਿਅਕ ਸੰਸਥਾਵਾਂ ਨੂੰ ਚਾਹੀਦਾ ਹੈ ਕਿ ਉਹ ਚੀਨੀ ਡੋਰ ਦੀ ਵਰਤੋਂ ਨੂੰ ਰੋਕਣ ਦੇ ਲਈ ਵਿੱਦਿਅਕ ਸੰਸਥਾਵਾਂ ਅੰਦਰ ਸੈਮੀਨਾਰ ਕਰਵਾਏ | ਉਨ੍ਹਾਂ ਆਖਿਆ ਕਿ ਜਿੱਥੇ ਵੱਖ-ਵੱਖ ਸੰਸਥਾਵਾਂ ਵਲੋਂ ਇਸ ਦੇ ਖ਼ਿਲਾਫ਼ ਮੁਹਿੰਮ ਸ਼ੁਰੂ ਕਰਨੀ ਚਾਹੀਦੀ ਹੈ ਉੱਥੇ ਹੀ ਸਭ ਤੋਂ ਵੱਧ ਜ਼ਿੰਮੇਵਾਰੀ ਬਣਦੀ ਹੈ ਕਿ ਮਾਪੇ ਆਪਣੇ ਬੱਚਿਆਂ ਨੂੰ ਇਸ ਦੀ ਵਰਤੋਂ ਨੂੰ ਰੋਕਣ ਦੇ ਲਈ ਖ਼ਾਸ ਧਿਆਨ ਦੇਣ ਕਿਉਂਕਿ ਇਸ ਡੋਰ ਦੀ ਵਰਤੋਂ ਨਾਲ ਬੀਤੇ ਸਮੇਂ ਬਹੁਤ ਸਾਰੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਨ੍ਹਾਂ ਨੇ ਹੱਸਦੇ-ਹੱਸਦੇ ਪਰਿਵਾਰਾਂ ਦੇ ਅੰਦਰ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ |