ਲੌਂਗੋਵਾਲ, 6 ਫਰਵਰੀ (ਵਿਨੋਦ, ਸ. ਖੰਨਾ) - ਜਮਹੂਰੀ ਫ਼ਰੰਟ ਦੇ ਕਨਵੀਨਰਾਂ ਡਾ. ਪਰਮਿੰਦਰ ਸਿੰਘ, ਪ੍ਰੋਫੈਸਰ ਏ.ਕੇ. ਮਲੇਰੀ, ਬੂਟਾ ਸਿੰਘ ਮਹਿਮੂਦਪੁਰ, ਯਸ਼ਪਾਲ ਅਤੇ ਸੂਬਾ ਕਮੇਟੀ ਮੈਂਬਰ ਬਲਬੀਰ ਲੌਂਗੋਵਾਲ ਨੇ ਜੇਲ੍ਹ ਬੰਦ ਕਿਸਾਨ ਆਗੂਆਂ ਦੀ ਰਿਹਾਈ ਲਈ ਬਠਿੰਡਾ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਨੂੰ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ, ਕਾਰਕੁਨਾਂ ਦੇ ਘਰਾਂ ਉੱਤੇ ਛਾਪੇਮਾਰੀ ਕਰਨ, ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰਨ, ਬਠਿੰਡੇ ਵੱਲ ਜਾ ਰਹੇ ਕਿਸਾਨ ਕਾਫ਼ਲਿਆਂ ਉੱਪਰ ਬੇਤਹਾਸ਼ਾ ਲਾਠੀਚਾਰਜ ਕਰਨ ਅਤੇ ਕਿਸਾਨਾਂ ਨੂੰ ਗਿ੍ਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਭਗਵੰਤ ਮਾਨ ਸਰਕਾਰ ਹੱਕੀ ਸੰਘਰਸ਼ਾਂ ਦੀਆਂ ਮੰਗਾਂ ਮੰਨਣ ਅਤੇ ਸੰਘਰਸ਼ ਦੇ ਜਮਹੂਰੀ ਹੱਕ ਨੂੰ ਮਾਨਤਾ ਦੇਣ ਦੀ ਬਜਾਏ ਜਾਨ-ਹੂਲਵੇਂ ਸੰਘਰਸ਼ਾਂ ਰਾਹੀਂ ਹਾਸਲ ਕੀਤੇ ਬੁਨਿਆਦੀ ਜਮਹੂਰੀ ਹੱਕ ਨੂੰ ਕੁਚਲਨ ਲਈ ਤਾਨਾਸ਼ਾਹ ਹਮਲਿਆਂ 'ਤੇ ਉੱਤਰੀ ਹੋਈ ਹੈ | ਇਹ ਸਰਕਾਰ ਨਵੇਂ ਨਾਂ ਹੇਠ ਪਹਿਲੀਆਂ ਸਰਕਾਰਾਂ ਦਾ ਹੀ ਬਦਲਿਆ ਰੂਪ ਹੈ ਅਤੇ ਸਮੁੱਚੀ ਹਾਕਮ ਜਮਾਤੀ ਸਿਆਸਤ ਦੀ ਟੇਕ ਝੂਠੇ ਵਾਅਦਿਆਂ ਤੇ ਲਾਰਿਆਂ ਨਾਲ ਹੰਭਾਉਣ-ਥਕਾਉਣ ਅਤੇ ਪੁਲਿਸ ਤਾਕਤ ਦੇ ਜ਼ੋਰ ਵੱਖ-ਵੱਖ ਵਰਗਾਂ ਦੇ ਸੰਘਰਸ਼ਾਂ ਨੂੰ ਕੁਚਲਨ ਉੱਪਰ ਹੈ | ਕਿਉਂਕਿ ਇਨ੍ਹਾਂ ਕੋਲ ਡੂੰਘੇ ਆਰਥਕ ਸੰਕਟ ਅਤੇ ਲੋਕਾਂ ਦੇ ਬੁਨਿਆਦੀ ਮਸਲਿਆਂ ਦਾ ਕੋਈ ਹੱਲ ਨਹੀਂ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਆਗੂਆਂ ਵਿਰੁੱਧ ਛਾਪੇਮਾਰੀ ਬੰਦ ਕਰੇ ਅਤੇ ਜੇਲ੍ਹਾਂ ਵਿਚ ਬੰਦ ਤੇ ਗਿ੍ਫ਼ਤਾਰ ਕੀਤੇ ਕਿਸਾਨ ਤੇ ਮਜ਼ਦੂਰ ਆਗੂਆਂ ਨੂੰ ਫ਼ੌਰੀ ਰਿਹਾ ਕੀਤਾ ਜਾਵੇ ਅਤੇ ਕਿਸਾਨ ਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ |