ਸੁਨਾਮ ਊਧਮ ਸਿੰਘ ਵਾਲਾ, 6 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਆਦਰਸ਼ ਸਕੂਲ ਚਾਉਕੇ ਦੇ ਮਾਮਲੇ 'ਚ ਜੇਲ੍ਹ ਵਿਚ ਬੰਦ ਕਿਸਾਨ ਆਗੂਆਂ ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਚਾਉਕੇ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿਵਲ ਸਕੱਤਰੇਤ ਬਠਿੰਡਾ ਦੇ ਅੱਜ ਤੋਂ ਕਿਸਾਨਾਂ ਵਲੋਂ ਦਿਨ-ਰਾਤ ਲਗਾਤਾਰ ਕੀਤੇ ਜਾ ਘਿਰਾਓ ਦੇ ਐਲਾਨ ਤੋਂ ਬਾਅਦ ਹਰਕਤ ਵਿਚ ਆਈ ਪੰਜਾਬ ਪੁਲਿਸ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ,ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਬਲਾਕ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਸਮੇਤ ਵੱਖ-ਵੱਖ ਆਗੂਆਂ ਦੇ ਘਰਾਂ 'ਚ ਪੁਲਿਸ ਵਲੋਂ ਤੜਕਸਾਰ ਛਾਪੇਮਾਰੀ ਕੀਤੀ ਗਈ ਪਰ ਜ਼ਿਆਦਾਤਰ ਕਿਸਾਨ ਆਗੂ ਪੁਲਿਸ ਦੇ ਹੱਥ ਨਹੀ ਆਏ | ਇਸ ਦੌਰਾਨ ਪੁਲਿਸ ਵਲੋਂ ਕਿਸਾਨ ਆਗੂ ਅਜੈਬ ਸਿੰਘ ਜਖੇਪਲ,ਦਰਸ਼ਨ ਸਿੰਘ ਜਖੇਪਲ ਨੂੰ ਹਿਰਾਸਤ ਵਿਚ ਲੈ ਲਿਆ ਗਿਆ | ਕਿਸਾਨ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਪੁਲਿਸ ਵਲੋਂ ਉਸ ਦੇ ਪਰਿਵਾਰ ਨੂੰ ਜਥੇਬੰਦੀ ਛੱਡਣ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ | ਪੰਜਾਬ ਪੁਲਿਸ ਦੀ ਇਸ ਕਾਰਵਾਈ ਦੀ ਕਿਸਾਨ ਆਗੂਆਂ ਨੇ ਸਖ਼ਤ ਨਿਖੇਧੀ ਕੀਤੀ |