ਧੂਰੀ, 6 ਫਰਵਰੀ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੇ ਤਹਿਤ ਧੂਰੀ ਹਲਕੇ ਦੇ ਪਿੰਡ ਜੈਨਪੁਰ ਵਿਚ ਕਰੀਬ ਦੋ ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਨਾਲ ਪਿੰਡ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਗਈ ਹੈ | ਪਿੰਡ ਵਿਚ ਐਲ.ਈ.ਡੀ. ਸੋਲਰ ਸਟਰੀਟ ਲਾਈਟਾਂ ਲਗਾਏ ਜਾਣ ਸਦਕਾ ਹੁਣ ਪਿੰਡ ਜੈਨਪੁਰ ਰਾਤ ਸਮੇਂ ਰੌਸ਼ਨੀ ਨਾਲ ਜਗਮਗਾਉਂਦਾ ਹੋਇਆ ਕਿਸੇ ਸ਼ਹਿਰ ਦਾ ਭੁਲੇਖਾ ਪਾਉਣ ਲੱਗਾ ਹੈ | ਪਿੰਡ ਦੀ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਮਹੱਤਵਪੂਰਨ ਸਥਾਨਾਂ 'ਤੇ 26 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ, ਜਿਸ ਨਾਲ ਪਿੰਡ ਵਿਚ ਨਿਗਰਾਨੀ ਪ੍ਰਣਾਲੀ ਹੋਰ ਪ੍ਰਭਾਵਸ਼ਾਲੀ ਬਣੀ ਹੈ ਅਤੇ ਅਪਰਾਧਿਕ ਗਤੀਵਿਧੀਆਂ 'ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ | ਇਸ ਦੇ ਨਾਲ ਹੀ ਪਿੰਡ ਜੈਨਪੁਰ ਦੀਆਂ 100 ਫ਼ੀਸਦੀ ਸੜਕਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਗਿਆ ਹੈ | ਪਿੰਡ ਦੀ ਫਿਰਨੀ ਨੂੰ ਲਗਭਗ 1.25 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਨਾਲ ਤਿਆਰ ਕੀਤਾ ਗਿਆ ਹੈ, ਜਿਸ ਨਾਲ ਆਵਾਜਾਈ ਸੁਚੱਜੀ ਹੋਈ ਹੈ ਅਤੇ ਪਿੰਡ ਦੀ ਦਿੱਖ ਵਿੱਚ ਵੀ ਸੁਧਾਰ ਆਇਆ ਹੈ | ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪਿੰਡ ਜੈਨਪੁਰ ਵਿੱਚ ਹੁਣ ਤੱਕ ਕਰੀਬ ਦੋ ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵਿਕਾਸ ਕਾਰਜਾਂ ਲਈ ਵੀ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ | ਇਸ ਮੌਕੇ ਬੀ.ਡੀ.ਪੀ.ਓ. ਧੂਰੀ ਸੁਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਜੈਨਪੁਰ ਵਿੱਚ ਪੰਚਾਇਤ ਵਿਭਾਗ ਵਲੋਂ ਹੋਰਨਾਂ ਵਿਭਾਗਾਂ ਤੋਂ ਇਲਾਵਾ ਕਰੀਬ ਇੱਕ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਗਲੀ-ਨਾਲੀਆਂ, ਸਟਰੀਟ ਲਾਈਟਾਂ, ਬਲਾਕ ਟਾਈਲਾਂ ਅਤੇ ਸਾਲਿਡ ਵੈਸਟ ਮੈਨੇਜਮੈਂਟ ਸਬੰਧੀ ਕੰਮ ਮੁਕੰਮਲ ਹੋ ਚੁੱਕੇ ਹਨ | ਪਿੰਡ ਦੀ ਸਰਪੰਚ ਸ੍ਰੀਮਤੀ ਰਾਜਵਿੰਦਰ ਕੌਰ ਬਲਿੰਗ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਫ਼ੰਡ ਜਾਰੀ ਕੀਤੇ ਜਾਣ ਸਦਕਾ ਪਿੰਡ ਵਿੱਚ ਨਿਰੰਤਰ ਵਿਕਾਸ ਕਾਰਜ ਜਾਰੀ ਹਨ, ਜਿਸ ਦਾ ਪਿੰਡ ਵਾਸੀਆਂ ਨੂੰ ਵੱਡਾ ਲਾਭ ਮਿਲ ਰਿਹਾ ਹੈ |