ਸੰਗਰੂਰ, 21 ਫਰਵਰੀ (ਅਮਨਦੀਪ ਸਿੰਘ ਬਿੱਟਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਮੈਂਬਰ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਸੂਬੇ ਦੀ 'ਆਪ' ਸਰਕਾਰ ਵਲੋਂ ਚਲਾਈ ਜਾ ਰਹੀ 'ਮੁੱਖ ਮੰਤਰੀ ਸਿਹਤ ਯੋਜਨਾ' 'ਤੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਇਸ ਨੂੰ ਸਿਰਫ਼ ਇਸ਼ਤਿਹਾਰੀ ਕਦਮ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਯੋਜਨਾ ਦੇ ਨਾਮ 'ਤੇ ਲੋਕਾਂ ਨੂੰ ਵੱਡੇ ਵਾਅਦੇ ਕਰ ਕੇ ਗੁਮਰਾਹ ਕੀਤਾ ਜਾ ਰਿਹਾ ਹੈ | ਕਾਂਗੜਾ ਨੇ ਕਿਹਾ ਕਿ ਸਰਕਾਰ ਵਲੋਂ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇਣ ਦੀ ਗੱਲ ਕੀਤੀ ਜਾ ਰਹੀ ਹੈ ਪਰ ਹਕੀਕਤ ਵਿਚ ਲੋਕਾਂ ਨੂੰ ਇਸ ਦਾ ਲਾਭ ਨਹੀਂ ਮਿਲ ਰਿਹਾ | ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਇੱਕ ਸਾਲ ਦੌਰਾਨ ਸਕੀਮ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਕਈ ਨਿੱਜੀ ਹਸਪਤਾਲਾਂ ਨੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਸ਼ੁਰੂ ਕੀਤੀ ਸਿਹਤ ਯੋਜਨਾ ਨੂੰ ਹੀ ਮੌਜੂਦਾ ਸਰਕਾਰ ਨਵੇਂ ਨਾਮ ਅਤੇ ਢੰਗ ਨਾਲ ਪੇਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ਨਾਲ ਨਾ ਸਿਰਫ਼ ਸਰਕਾਰੀ ਖ਼ਜ਼ਾਨੇ 'ਤੇ ਬੋਝ ਪੈ ਰਿਹਾ ਹੈ, ਸਗੋਂ ਆਮ ਲੋਕਾਂ ਨੂੰ ਵੀ ਦਫ਼ਤਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ | ਉਨ੍ਹਾਂ ਸੁਝਾਅ ਦਿੱਤਾ ਕਿ ਜੇ ਸਰਕਾਰ ਸੱਚਮੁੱਚ ਲੋਕ-ਹਿਤ ਵਿਚ ਗੰਭੀਰ ਹੈ ਤਾਂ ਇਲਾਜ ਸਿਰਫ਼ ਆਧਾਰ ਕਾਰਡ ਦੇ ਆਧਾਰ 'ਤੇ ਹੀ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਬਿਨਾਂ ਰੁਕਾਵਟ ਸਹੂਲਤ ਮਿਲ ਸਕੇ | ਅੰਤ ਵਿਚ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਸਰਕਾਰ ਨੂੰ ਇਸ਼ਤਿਹਾਰਬਾਜ਼ੀ ਦੀ ਬਜਾਏ ਸਿਹਤ ਸੇਵਾਵਾਂ ਦੀ ਗੁਣਵੱਤਾ ਸੁਧਾਰਨ 'ਤੇ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਯੋਜਨਾ ਦੀਆਂ ਖ਼ਾਮੀਆਂ ਦੂਰ ਨਾ ਕੀਤੀਆਂ ਗਈਆਂ ਤਾਂ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਕਰੇਗੀ | ਇਸ ਮੌਕੇ ਉਨ੍ਹਾਂ ਨਾਲ ਕਈ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ |