ਧੂਰੀ, 22 ਫਰਵਰੀ (ਲਖਵੀਰ ਸਿੰਘ ਧਾਂਦਰਾ) - ਦੇਸ਼ ਭਗਤ ਕਾਲਜ ਬਰੜਵਾਲ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ 'ਵਿਸ਼ਵੀਕਰਨ ਦੇ ਦੌਰ ਵਿਚ ਪੰਜਾਬੀ ਸਾਹਿਤ ਦੀ ਭੂਮਿਕਾ' ਵਿਸ਼ੇ 'ਤੇ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਕਾਲਜ ਟਰੱਸਟ ਦੇ ਸਕੱਤਰ ਸ. ਬਲਵੰਤ ਸਿੰਘ ਮੀਮਸਾ, ਡਾ ਸੁਖਵਿੰਦਰ ਸਿੰਘ ਧਾਦਰਾ, ਸ. ਜਤਿੰਦਰ ਸਿੰਘ ਸੋਨੀ ਮੰਡੇਰ ਅਤੇ ਕਾਲਜ ਦੇ ਪਿ੍ੰਸੀਪਲ ਡਾ. ਬਲਬੀਰ ਸਿੰਘ ਦੀ ਸਰਪ੍ਰਸਤੀ ਹੇਠ ਹੋਇਆ | ਕਾਲਜ ਟਰੱਸਟ ਦੇ ਸਕੱਤਰ ਬਲਵੰਤ ਸਿੰਘ ਮੀਮਸਾ ਨੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਤੇ ਅਜਿਹੇ ਹੋਰ ਪ੍ਰੋਗਰਾਮ ਉਲੀਕਣ ਲਈ ਕਿਹਾ | ਇਸ ਮੌਕੇ ਮੁੱਖ ਵਕਤਾ ਵਜੋਂ ਡਾ. ਭੀਮ ਇੰਦਰ ਸਿੰਘ, ਡਾਇਰੈਕਟਰ ਯੁਵਕ ਭਲਾਈ ਵਿਭਾਗ ਤੇ ਵਰਲਡ ਪੰਜਾਬੀ ਸੈਂਟਰ, ਨੇ ਸ਼ਿਰਕਤ ਕੀਤੀ | ਆਪਣੇ ਵਿਆਖਿਆਨ ਵਿਚ ਉਨ੍ਹਾਂ ਨੇ ਕਿਹਾ ਕਿ ਵਿਸ਼ਵੀਕਰਨ ਦੇ ਯੁੱਗ ਵਿਚ ਪੰਜਾਬੀ ਸਾਹਿਤ ਸਿਰਫ਼ ਸਾਂਸਕਿ੍ਤਿਕ ਪਹਿਚਾਣ ਦੀ ਰੱਖਿਆ ਹੀ ਨਹੀਂ ਕਰਦਾ ਸਗੋਂ ਨਵੀਆਂ ਚੁਨੌਤੀਆਂ ਅਤੇ ਸੰਭਾਵਨਾਵਾਂ ਨੂੰ ਵੀ ਉਜਾਗਰ ਕਰਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ-ਬੋਲੀ ਨਾਲ ਜੁੜੇ ਰਹਿਣ ਅਤੇ ਸਾਹਿਤ ਰਾਹੀਂ ਸਮਾਜਿਕ ਜਾਗਰੂਕਤਾ ਨੂੰ ਮਜ਼ਬੂਤ ਬਣਾਉਣ | ਇਸ ਮੌਕੇ ਪਿ੍ੰਸੀਪਲ ਡਾ. ਬਲਬੀਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਪ੍ਰੋਗਰਾਮ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਡਾ. ਦਲਵਿੰਦਰ ਕੌਰ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬੀ ਵਿਭਾਗ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਵਿਸ਼ਿਆਂ 'ਤੇ ਲੈਕਚਰ ਆਯੋਜਿਤ ਕਰਦਾ ਰਹੇਗਾ | ਅੰਤ ਵਿਚ ਵਿਦਿਆਰਥੀਆਂ ਵਲੋਂ ਸਵਾਲ-ਜਵਾਬ ਦਾ ਦੌਰ ਚਲਾਇਆ ਗਿਆ, ਜਿਸ ਦੌਰਾਨ ਮੁੱਖ ਵਕਤਾ ਨੇ ਵਿਸ਼ੇ ਨਾਲ ਸੰਬੰਧਿਤ ਜਿਗਿਆਸਾਵਾਂ ਦਾ ਸੰਤੋਸ਼ਜਨਕ ਉੱਤਰ ਦਿੱਤਾ | ਕਾਰਜਕ੍ਰਮ ਦੇ ਅੰਤ 'ਤੇ ਮਹਿਮਾਨ ਨੂੰ ਸਨਮਾਨ-ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਸਮੁੱਚਾ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਸ਼ਾਮਲ ਸੀ |