ਮਲੇਰਕੋਟਲਾ, 24 ਫ਼ਰਵਰੀ (ਮੁਹੰਮਦ ਹਨੀਫ਼ ਥਿੰਦ) - ਸ਼੍ਰੀਮਤੀ ਕਨੂ ਗਰਗ ਨੇ ਅੱਜ ਬਤੌਰ ਸਬ ਡਵੀਜ਼ਨਲ ਮੈਜਿਸਟਰੇਟ ਮਲੇਰਕੋਟਲਾ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਕਦਮੀ ਹੋਵੇਗੀ 'ਤੇ ਲੋਕਾਂ ਨੂੰ ਸਾਫ਼-ਸੁਥਰੀਆਂ, ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿਚ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ਅਤੇ ਕਿਸੇ ਵੀ ਨਾਗਰਿਕ ਨੂੰ ਸਰਕਾਰੀ ਦਫ਼ਤਰਾਂ 'ਚ ਖੱਜਲ ਖ਼ੁਆਰ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਉਨ੍ਹਾਂ ਦੇ ਦਫ਼ਤਰ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਉਨ੍ਹਾਂ ਨੂੰ ਆ ਕੇ ਮਿਲ ਸਕਦਾ ਹੈ | ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਟੀਮ ਵਜੋਂ ਕੰਮ ਕਰਨ ਨੂੰ ਯਕੀਨੀ ਬਣਾਉਣ | ਇੱਥੇ ਵਰਨਣਯੋਗ ਹੈ ਕਿ ਸ਼੍ਰੀਮਤੀ ਕਨੂ ਗਰਗ 2016 ਬੈਚ ਦੇ (ਪੀ.ਸੀ.ਐੱਸ) ਅਧਿਕਾਰੀ ਹਨ ਅਤੇ ਉਹ ਇਸ ਤੋਂ ਪਹਿਲਾਂ ਨਾਭਾ, ਸ੍ਰੀ ਅਨੰਦਪੁਰ ਸਾਹਿਬ ਅਤੇ ਲੁਧਿਆਣਾ ਵਿਖੇ ਵਧੀਆ ਸੇਵਾਵਾਂ ਨਿਭਾਅ ਚੁੱਕੇ ਹਨ |