ਭਵਾਨੀਗੜ੍ਹ, 24 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਸੁਖਬੀਰ ਸਿੰਘ ਬਾਦਲ 'ਪੰਜਾਬ ਬਚਾਓ, ਸੁਖਬੀਰ ਲਿਆਉ 'ਦੇ ਬੈਨਰ ਹੇਠ ਰੈਲੀਆਂ ਵਿਚ ਪੰਜਾਬ ਦੀ ਡਾਂਵਾਂਡੋਲ ਆਰਥਿਕਤਾ ਅਤੇ ਪੰਥਕ ਮੁੱਦਿਆਂ 'ਤੇ ਗੰਭੀਰਤਾ ਦਿਖਾਉਣ ਦੀ ਬਜਾਏ ਬੇਸਿਰ-ਪੈਰ ਦੀਆਂ ਗੱਲਾਂ ਨਾਲ ਗੁਆਚੀ ਜ਼ਮੀਨ ਹਾਸਲ ਕਰਨ ਦਾ ਭਰਮ ਪਾਲ ਰਿਹਾ ਹੈ, ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਗੱਲਬਾਤ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸੁਖਬੀਰ ਸਿੰਘ ਬਾਦਲ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਦਿੱਤੀ ਸੇਧ ਨੂੰ ਅਮਲੀ ਜਾਮਾ ਨਹੀਂ ਪਹਿਨਾਉਂਦੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਬਾਰੇ ਉੱਠੇ ਸਵਾਲਾਂ ਦਾ ਸਪਸ਼ਟ ਜਵਾਬ ਨਹੀਂ ਦਿੰਦੇ, ਉਦੋਂ ਤੱਕ ਪਾਰਟੀ ਦੀ ਮਕਬੂਲਤਾ ਮੁੜ ਕਾਇਮ ਨਹੀਂ ਹੋ ਸਕਦੀ | ਉਨ੍ਹਾਂ ਕਿਹਾ ਕਿ 2017 ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦਾ ਕਰਜ਼ਾ ਮਾਫ਼ੀ ਅਤੇ ਨਸ਼ਿਆਂ ਦੇ ਖ਼ਾਤਮੇ ਦੇ ਵਾਅਦਿਆਂ ਨਾਲ ਸੱਤਾ ਹਾਸਲ ਕੀਤੀ ਜਦਕਿ 2022 ਵਿਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਬਦਲਾਅ ਦੇ ਨਾਂ 'ਤੇ ਡਰੱਗ, ਰੇਤ ਤੇ ਸ਼ਰਾਬ ਮਾਫ਼ੀਆ ਖ਼ਤਮ ਕਰਨ ਅਤੇ ਹੋਰ ਗਰੰਟੀਆਂ ਦੇ ਕੇ ਸਰਕਾਰ ਬਣਾਈ ਪਰ ਇਨ੍ਹਾਂ ਵਿਚੋਂ ਕੋਈ ਵੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉਤਰਿਆ , ਜਿਸ ਨਾਲ ਪੰਜਾਬੀਆਂ ਦਾ ਇਨ੍ਹਾਂ 'ਤੇ ਵਿਸ਼ਵਾਸ ਨਹੀਂ ਰਿਹਾ | ਉਨ੍ਹਾਂ ਕਿਹਾ ਕਿ ਹੁਣ 2027 ਨੂੰ ਧਿਆਨ ਵਿੱਚ ਰੱਖਦੇ ਹੋਏ ਸ. ਬਾਦਲ ਸੋਸ਼ਲ ਮੀਡੀਆ 'ਤੇ ਵੱਡੇ ਪੱਧਰ 'ਤੇ ਖ਼ਰਚ ਕਰਕੇ ਸਬਜ਼ ਬਾਗ਼ ਵਿਖਾ ਰਹੇ ਹਨ ਪਰ ਪੰਜਾਬ ਦੇ ਲੋਕ ਸਚੇਤ ਹਨ | ਇਸ ਮੌਕੇ 'ਤੇ ਹੋਰ ਆਗੂ ਵੀ ਹਾਜ਼ਰ ਸਨ |