ਧੂਰੀ, 25 ਫਰਵਰੀ (ਲਹਿਰੀ, ਧਾਂਦਰਾ, ਭੁੱਲਰ) - ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਵਿਸ਼ੇਸ਼ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ ਹੈ | ਇਸ ਕੈਂਪ ਦਾ ਰੋਜ਼ਾਨਾ ਵੱਡੀ ਗਿਣਤੀ ਵਿੱਚ ਧੂਰੀ ਵਾਸੀ ਲਾਭ ਉਠਾ ਰਹੇ ਹਨ ਅਤੇ ਮੌਕੇ 'ਤੇ ਹੀ ਆਪਣੀ ਰਜਿਸਟਰੇਸ਼ਨ ਕਰਵਾ ਰਹੇ ਹਨ | ਇਸ ਸਬੰਧੀ ਦੱਸਦੇ ਹੋਏ ਐਸ.ਡੀ.ਐਮ. ਧੂਰੀ ਸ਼੍ਰੀ ਰਿਸ਼ਭ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਬਹੁਤ ਹੀ ਆਸਾਨ ਬਣਾਇਆ ਹੈ | ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਯੋਗ ਨਾਗਰਿਕ ਨੂੰ ਲੰਬੀਆਂ ਕਤਾਰਾਂ ਜਾਂ ਵੱਖ-ਵੱਖ ਦਫ਼ਤਰਾਂ ਦੇ ਚੱਕਰ ਕੱਟਣ ਦੀ ਲੋੜ ਨਹੀਂ ਰਹੀ | ਸਿਰਫ਼ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈ.ਡੀ. ਨਾਲ ਵਿਅਕਤੀ ਮੌਕੇ 'ਤੇ ਆਪਣਾ ਨਾਮ ਦਰਜ ਕਰਵਾ ਸਕਦਾ ਹੈ | ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਅਰਵਿੰਦ ਕੁਮਾਰ ਨੇ ਦੱਸਿਆ ਕਿ ਇਸ ਯੋਜਨਾ ਦਾ ਉਦੇਸ਼ ਸੂਬੇ ਦੇ ਹਰ ਪਰਿਵਾਰ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਬਚਾਉਣਾ ਹੈ |