ਸ੍ਰੀ ਸਿਧਾਣਾ ਸਾਹਿਬ ਵਿਖੇ ਜੋੜ ਮੇਲਾ ਆਰੰਭ
ਅਜੀਤ ਡੈਸਕ
03-03-2026
ਸੰਗਰੂਰ, 2 ਮਾਰਚ (ਸੁਖਵਿੰਦਰ ਸਿੰਘ ਫੁੱਲ) - ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਸਿਧਾਣਾ ਸਾਹਿਬ ਪਾਤਸ਼ਾਹੀ ਪਹਿਲੀ ਪਿੰਡ ਖੁਰਾਣਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੋਲੇ ਮਹੱਲੇ ਅਤੇ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ 160ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 4 ਮਾਰਚ ਤੱਕ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਸਿਧਾਣਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੁਖਦੇਵ ਸਿੰਘ ਨੇ ਦੱਸਿਆ ਕਿ ਪਹਿਲੀ ਅਤੇ 2 ਮਾਰਚ ਨੂੰ ਹੋਲਾ ਮੁਹੱਲਾ ਉਤਸਵ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਹੋਣਗੇ | ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵੱਲੋਂ 3 ਮਾਰਚ ਨੂੰ ਪੂਰਨਮਾਸੀ ਵਾਲੇ ਦਿਨ ਸਵੇਰੇ 7 ਵਜੇ ਤੋਂ 9 ਵਜੇ ਤੱਕ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ ਉਪਰੰਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ 12 ਵਜੇ ਤੱਕ ਦੀਵਾਨ ਸਜਾਏ ਜਾਣਗੇ | 4 ਮਾਰਚ ਨੂੰ ਹੋਲੇ ਮਹੱਲੇ ਵਾਲੇ ਦਿਨ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਤੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਖੁੱਲ੍ਹੇ ਪੰਡਾਲ ਵਿੱਚ ਪੰਥ ਪ੍ਰਸਿੱਧ ਗੁਣੀ ਗਿਆਨੀ ਰਾਗੀ, ਢਾਡੀ, ਕਥਾਵਾਚਕ ਅਤੇ ਵੱਖ ਵੱਖ ਸੰਪ੍ਰਦਾਵਾਂ ਦੇ ਮੁਖੀ ਆਪਣੀਆਂ ਗੁਰਮਤਿ ਵਿਚਾਰਾਂ ਦੇ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਸਿੰਘ ਸਾਹਿਬ ਗਿਆਨੀ ਪਲਵਿੰਦਰ ਪਾਲ ਸਿੰਘ ਜੀ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਅਤੇ ਭਾਈ ਸਤਨਾਮ ਸਿੰਘ ਕੁਹਾੜਕਾ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਸੰਗਤਾਂ ਨੂੰ ਨਿਹਾਲ ਕਰਨ ਲਈ ਪਹੁੰਚਣਗੇ |