ਮੂਣਕ, 5 ਮਾਰਚ (ਵਰਿੰਦਰ ਭਾਰਦਵਾਜ)-ਆਬਕਾਰੀ ਵਿਭਾਗ ਪੰਜਾਬ ਵਲੋਂ ਬਾਹਰੀ ਰਾਜਾਂ ਤੋਂ ਆਯਾਤ ਕੀਤੀ ਜਾਣ ਵਾਲੀ ਗ਼ੈਰ-ਕਾਨੂੰਨੀ, ਘਰੇਲੂ ਅਤੇ ਤਸਕਰੀ ਕੀਤੀ ਸ਼ਰਾਬ ਵਿਰੁੱਧ ਚਲਾਈ ਗਈ ਇੱਕ ਵਿਸ਼ੇਸ਼ ਮੁਹਿੰਮ ਤਹਿਤ ਆਬਕਾਰੀ ਵਿਭਾਗ ਨੇ ਪੁਲਿਸ ਟੀਮ ਦੇ ਨਾਲ ਮੂਣਕ ਏਰੀਏ ਦੇ ਵੱਖ-ਵੱਖ ਪਿੰਡਾਂ ਦੇ ਭੱਠਿਆਂ, ਹੋਟਲਾਂ ਅਤੇ ਰਾਈਸ ਸ਼ੈਲਰਾਂ ਤੇ ਹੋਰ ਮਿੱਲਾਂ ਦਾ ਦੌਰਾ ਕੀਤਾ ਤਾਂ ਜੋ ਲੋਕਾਂ ਖ਼ਾਸ ਕਰ ਮਜ਼ਦੂਰਾਂ ਨੂੰ ਗੈਰ-ਕਾਨੂੰਨੀ ਸ਼ਰਾਬ ਪੀਣ ਦੇ ਸਰੀਰ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ | ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ ਅਤੇ ਡਿਪਟੀ ਕਮਿਸ਼ਨਰ (ਆਬਕਾਰੀ) ਪਵਨਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਹਾਇਕ ਕਮਿਸ਼ਨਰ (ਆਬਕਾਰੀ) ਗੁਲਸ਼ਨ ਹੁਰੀਆ ਅਤੇ ਆਬਕਾਰੀ ਅਫ਼ਸਰ ਸੰਗਰੂਰ-1 ਦਿਲਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਇਹ ਮੁਹਿੰਮ ਚਲਾਈ ਗਈ ਹੈ | ਜਿਸ ਤਹਿਤ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਦੇ ਇੰਸਪੈਕਟਰ ਰਕੇਸ਼ ਕੁਮਾਰ ਨੇ ਦੱਸਿਆ ਕਿ ਮੂਣਕ ਏਰੀਏ ਦੇ ਵੱਖ-ਵੱਖ ਖੇਤਰਾਂ ਵਿਚ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਰਾਈਸ ਮਿੱਲਾਂ, ਇੱਟਾਂ ਦੇ ਭੱਠਿਆਂ ਅਤੇ ਢਾਬਿਆਂ 'ਤੇ ਕਰਮਚਾਰੀਆਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਨਾਜਾਇਜ਼ ਸ਼ਰਾਬ ਪੀਣ ਨਾਲ ਸਰੀਰ ਨੂੰ ਘਾਤਕ ਤੇ ਜਾਨ ਲੇਵਾ ਬਿਮਾਰੀਆਂ ਵੀ ਲੱਗ ਸਕਦੀਆਂ ਹਨ | ਉਨ੍ਹਾਂ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਸ਼ਰਾਬ ਦੇ ਗੈਰ-ਕਾਨੂੰਨੀ ਵਪਾਰ ਜਾਂ ਤਸਕਰੀ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ ਤੁਰੰਤ ਵਿਭਾਗ ਨੂੰ ਸੂਚਿਤ ਕਰਨ ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਤਾਂ ਜੋ ਸ਼ਰਾਬ ਤਸਕਰਾਂ ਵਿਰੁੱਧ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ |