ਧੂਰੀ, 5 ਮਾਰਚ (ਭੁੱਲਰ, ਧਾਂਦਰਾ)-ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਅੱਜ ਬਲਾਕ ਸੰਮਤੀ ਮੈਂਬਰਾਂ ਵੱਲੋਂ ਕੀਤੀ ਗਈ | ਇਸ ਦੌਰਾਨ ਬਲਾਕ ਸੰਮਤੀ ਮੈਂਬਰਾਂ ਨੇ ਸਰਬਸੰਮਤੀ ਨਾਲ ਪਿੰਡ ਕਾਂਝਲਾ ਦੇ ਰਣਜੋਧ ਸਿੰਘ ਨੂੰ ਬਲਾਕ ਸੰਮਤੀ ਧੂਰੀ ਦਾ ਚੇਅਰਮੈਨ ਅਤੇ ਪਿੰਡ ਢਢੋਗਲ ਦੇ ਮਨਪ੍ਰੀਤ ਕੌਰ ਨੂੰ ਵਾਈਸ ਚੇਅਰਪਰਸਨ ਚੁਣਿਆ | ਚੋਣ ਪ੍ਰਕਿਰਿਆ ਦੌਰਾਨ ਬਲਾਕ ਸੰਮਤੀ ਮੈਂਬਰਾਂ ਵੱਲੋਂ ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਨਾਲ ਮਿਲ ਕੇ ਬਲਾਕ ਸੰਮਤੀ ਖੇਤਰ ਦੇ ਪਿੰਡਾਂ ਦੇ ਵਿਕਾਸ ਲਈ ਮਿਲਜੁਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ | ਚੇਅਰਮੈਨ ਚੁਣੇ ਜਾਣ ਉਪਰੰਤ ਰਣਜੋਧ ਸਿੰਘ ਨੇ ਬਲਾਕ ਸੰਮਤੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ 'ਤੇ ਜਤਾਏ ਗਏ ਭਰੋਸੇ ਨੂੰ ਉਹ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਧੂਰੀ ਦੇ ਅਧੀਨ ਆਉਂਦੇ ਸਾਰੇ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਾਂਝੇ ਤੌਰ 'ਤੇ ਯਤਨ ਕੀਤੇ ਜਾਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਰਣਜੋਧ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਆਪਣੇ ਪੁਰਾਣੇ ਅਤੇ ਸਮਰਪਿਤ ਵਲੰਟੀਅਰਾਂ ਨੂੰ ਬਣਦਾ ਮਾਣ ਅਤੇ ਸਤਿਕਾਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਹ 2012 ਤੋਂ ਪਾਰਟੀ ਦੇ ਨਾਲ ਵਲੰਟੀਅਰ ਦੇ ਤੌਰ ਉੱਤੇ ਜੁੜੇ ਹੋਏ ਹਨ ਅਤੇ ਬਲਾਕ ਪੱਧਰ ਤੇ ਯੂਥ ਵਿੰਗ ਦੀ ਵੀ ਅਗਵਾਈ ਕਰਦੇ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਉਹ ਪੂਰੀ ਲਗਨ ਨਾਲ ਕੰਮ ਕਰਨਗੇ | ਇਸ ਦੌਰਾਨ ਵਾਈਸ ਚੇਅਰਪਰਸਨ ਚੁਣੀ ਗਈ ਮਨਪ੍ਰੀਤ ਕੌਰ ਨੇ ਵੀ ਬਲਾਕ ਸੰਮਤੀ ਮੈਂਬਰਾਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ 'ਤੇ ਜਤਾਏ ਗਏ ਭਰੋਸੇ 'ਤੇ ਖਰਾ ਉੱਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਧੂਰੀ ਦੇ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਲਈ ਚੇਅਰਮੈਨ ਅਤੇ ਸਮੂਹ ਮੈਂਬਰਾਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਬਲਾਕ ਸੰਮਤੀ ਰਾਹੀਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ, ਸਫ਼ਾਈ ਪ੍ਰਬੰਧ, ਸੜਕਾਂ, ਪੀਣ ਵਾਲੇ ਪਾਣੀ ਅਤੇ ਹੋਰ ਲੋਕ ਭਲਾਈ ਦੇ ਕਾਰਜਾਂ ਨੂੰ ਤਰਜੀਹ ਦੇ ਕੇ ਲਾਗੂ ਕੀਤਾ ਜਾਵੇਗਾ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ |