ਮਲੇਰਕੋਟਲਾ, 12 ਮਾਰਚ (ਮਨਜਿੰਦਰ ਸਿੰਘ ਸਰੌਦ) - ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲੇ੍ਹ ਵਿੱਚ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣ | ਉਨ੍ਹਾਂ ਹਦਾਇਤ ਕੀਤੀ ਕਿ ਜਿਨ੍ਹਾਂ ਪ੍ਰੋਜੈਕਟਾਂ ਦਾ ਕੰਮ ਪੂਰਾ ਹੋ ਚੁੱਕਾ ਹੈ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਤਿਆਰ ਕਰ ਕੇ ਸਬੰਧਿਤ ਦਫ਼ਤਰ ਵਿੱਚ ਜਮਾਂ ਕਰਵਾਏ ਜਾਣ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਐਮ.ਪੀ. ਲੈਂਡ ਸਕੀਮਾਂ ਹੇਠ ਵੱਖ-ਵੱਖ ਵਿਭਾਗਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਗਰਾਂਟਾਂ ਤੇ ਉਨ੍ਹਾਂ ਦੇ ਤਹਿਤ ਚੱਲ ਰਹੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰੇਕ ਯੋਗ ਨਾਗਰਿਕ ਤੱਕ ਪਹੁੰਚਾਉਣਾ ਸਾਰੇ ਵਿਭਾਗਾਂ ਦੀ ਸਾਂਝੀ ਜ਼ਿੰਮੇਵਾਰੀ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਯੋਜਨਾ ਬਣਾਉਂਦੇ ਸਮੇਂ ਲੋਕ ਹਿਤ ਨੂੰ ਪ੍ਰਮੁੱਖਤਾ ਦਿੱਤੀ ਜਾਵੇ ਅਤੇ ਕੰਮਾਂ ਦੀ ਗੁਣਵੱਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੋਜੈਕਟ ਵਿੱਚ ਬੇਵਜਾ ਦੇਰੀ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਸਰਕਾਰ ਵੱਲੋਂ ਜਾਰੀ ਕੀਤੀ ਗਈ ਰਕਮ ਦੀ ਪਾਰਦਰਸ਼ੀ ਤੇ ਪ੍ਰਭਾਵਸ਼ਾਲੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ 'ਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਨ ਤੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਉਂਣ ਨੂੰ ਯਕੀਨੀ ਬਣਾਇਆ ਜਾਵੇ |