ਧੂਰੀ, 12 ਮਾਰਚ (ਸੰਜੇ ਲਹਿਰੀ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਓ ਐਸ ਡੀ ਪ੍ਰੋਫੈਸਰ ਓਾਕਾਰ ਸਿੰਘ ਨੇ ਇੰਨੀ ਦਿਨੀਂ ਹਲਕਾ ਧੂਰੀ ਵਿੱਚ ਆਪਣੀਆਂ ਗਤੀਵਿਧੀਆਂ ਪੂਰੀ ਤਰ੍ਹਾਂ ਤੇਜ ਕਰ ਕੇ ਭਾਜਪਾ ਦੇ ਹੱਕ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ | ਬਤੌਰ ਓ ਐਸ ਡੀ ਹਲਕਾ ਧੂਰੀ ਦੇ ਲੋਕਾਂ ਵਿੱਚ ਹਰਮਨ ਪਿਆਰੇ ਰਹਿਣ ਦਾ ਦਾਅਵਾ ਕਰਨ ਵਾਲੇ ਪ੍ਰੋਫੈਸਰ ਓਾਕਾਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਜਪਾ ਵਰਕਰਾਂ ਨੂੰ ਲਾਮਬੰਦ ਕਰ ਕੇ ਅਤੇ ਭਾਜਪਾ ਵਿੱਚ ਨਵੇਂ ਲੋਕਾਂ ਨੂੰ ਸ਼ਾਮਿਲ ਕਰ ਕੇ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਹੈ | ਧੂਰੀ ਦੇ ਕਈ ਟਕਸਾਲੀ ਭਾਜਪਾ ਆਗੂ ਵੀ ਪ੍ਰੋਫੈਸਰ ਓਾਕਾਰ ਸਿੰਘ ਨਾਲ ਇਸ ਮੁਹਿੰਮ ਵਿੱਚ ਜੁੜੇ ਹੋਏ ਹਨ | ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋਫੈਸਰ ਓਾਕਾਰ ਸਿੰਘ ਨੇ ਦੱਸਿਆ ਕਿ ਭਾਜਪਾ ਵਰਕਰਾਂ ਅਤੇ ਆਮ ਲੋਕਾਂ ਵਿੱਚ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ 14 ਮਾਰਚ ਨੂੰ ਮੋਗਾ ਵਿਖੇ ਹੋਣ ਜਾ ਰਹੀ ਰੈਲੀ ਲਈ ਭਾਰੀ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਹਲਕਾ ਧੂਰੀ ਨਾਲ ਸੰਬੰਧਿਤ ਅਨੇਕਾਂ ਪਰਿਵਾਰ ਭਾਜਪਾ ਵਿੱਚ ਸ਼ਾਮਿਲ ਕਰਵਾਏ ਹਨ | ਉਨ੍ਹਾਂ ਕਿਹਾ ਕਿ ਸ੍ਰੀ ਅਮਿਤ ਸ਼ਾਹ ਦੀ ਮੋਗਾ ਵਿਖੇ ਹੋਣ ਵਾਲੀ ਇਹ ਰੈਲੀ 2027 ਦੀਆਂ ਚੋਣਾਂ ਦਾ ਬਿਗਲ ਹੈ | ਉਨ੍ਹਾਂ ਇਹ ਵੀ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ਤੇ ਲੈ ਜਾਣ ਵਾਲੀ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਬਣੇਗੀ ਕਿਉਂਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ |