ਛਾਜਲੀ, 2 ਅਪ੍ਰੈਲ (ਅਜਾਇਬ ਸਿੰਘ ਨੀਲੋਵਾਲ)-ਐੱਸ.ਸੀ, ਬੀ.ਸੀ ਹੈਲਥ ਇੰਪਲਾਈਜ਼ ਯੂਨੀਅਨ, ਪੰਜਾਬ ਵੱਲੋਂ ਤਰੱਕੀਆਂ ਦੇ ਬੈਕਲਾਗ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਹਿਮ ਮੀਟਿੰਗ ਕੀਤੀ ਗਈ | ਇਹ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਕੁਲਬੀਰ ਸਿੰਘ ਈਸੜੂ ਦੀ ਅਗਵਾਈ ਹੇਠ ਹੋਈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਖਡਿਆਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਥੇਬੰਦੀ ਵੱਲੋਂ ਆਪਣੇ ਕੇਡਰ ਨਾਲ ਸੰਬੰਧਿਤ ਅਹਿਮ ਮਸਲੇ ਮੰਤਰੀ ਸਾਹਮਣੇ ਰੱਖੇ ਗਏ | ਉਨ੍ਹਾਂ ਕਿਹਾ ਕਿ ਮਲਟੀਪਰਪਜ਼ ਹੈਲਥ ਵਰਕਰ (ਮੇਲ) ਦੀਆਂ ਤਰੱਕੀਆਂ ਵਿੱਚ ਰਾਖਵਾਂਕਰਨ ਨੀਤੀ ਨੂੰ ਸਹੀ ਤਰੀਕੇ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਐੱਸ ਸੀ ਵਰਗ ਦੇ ਮੁਲਾਜ਼ਮਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ | ਇਸ ਤੋਂ ਇਲਾਵਾ ਵਿਭਾਗਾਂ ਵਿੱਚ ਰੋਸਟਰ ਰਜਿਸਟਰਾਂ ਨੂੰ ਈ-ਪੋਰਟਲ 'ਤੇ ਅੱਪਲੋਡ ਕਰਨ ਦਾ ਮਸਲਾ ਵੀ ਉਠਾਇਆ ਗਿਆ | ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਰਿਜ਼ਰਵੇਸ਼ਨ ਐਕਟ 2006/2018 ਅਤੇ ਅਦਾਲਤੀ ਫ਼ੈਸਲਿਆਂ ਅਨੁਸਾਰ ਐੱਸ ਸੀ ਮੁਲਾਜ਼ਮਾਂ ਲਈ 20 ਫ਼ੀਸਦੀ ਰਾਖਵਾਂਕਰਨ ਦੇ ਲਾਗੂ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਖਡਿਆਲ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਥੇਬੰਦੀ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ ਹੈ ਅਤੇ ਜਲਦ ਹੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨਾਲ ਮੀਟਿੰਗ ਕਰਵਾ ਕੇ ਮਸਲਿਆਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ ਹੈ | ਇਸ ਮੌਕੇ ਜਥੇਬੰਦੀ ਦੇ ਚੇਅਰਮੈਨ ਜਸਪਾਲ ਸਿੰਘ ਜਗੇੜਾ, ਹਰਪ੍ਰੀਤ ਸਿੰਘ ਸਰਾਭਾ, ਗੁਰਜੰਟ ਸਿੰਘ ਪਟਿਆਲਾ, ਨਰਿੰਦਰ ਮਾਨ ਮੋਹਾਲੀ, ਮਨਜੀਤ ਸਿੰਘ ਲੱਡਾ, ਜਗਮੇਲ ਸਿੰਘ ਤੁੰਗਾਂ ਅਤੇ ਨਗਿੰਦਰ ਸਿੰਘ ਮਾਨਾਂ ਸਮੇਤ ਹੋਰ ਆਗੂ ਮੌਜੂਦ ਸਨ |