ਸੰਗਰੂਰ, 2 ਅਪ੍ਰੈਲ (ਧੀਰਜ ਪਸ਼ੋਰੀਆ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਰਿਪੋਰਟ ਕਾਰਡ ਨੂੰ ਲੈ ਕੇ ਹਲਕਾ ਸੰਗਰੂਰ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ-ਪਿੰਡ ਮੀਟਿੰਗਾਂ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ ਤਾਂ ਜੋ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹਰ ਸ਼ਹਿਰ- ਪਿੰਡ ਦੀਆਂ ਗਲੀਆਂ ਵਿੱਚ ਹਰ ਘਰ ਤੱਕ ਪਹੁੰਚਾਇਆ ਜਾ ਸਕੇ | ਇਸ ਦੇ ਚੱਲਦਿਆਂ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਈ ਪਿੰਡਾਂ ਵਿੱਚ ਲੋਕਾਂ ਨਾਲ ਨੁੱਕੜ ਮੀਟਿੰਗਾਂ ਕਰਨ ਤੋਂ ਬਾਅਦ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤੱਕ ਹਲਕੇ ਦੇ ਦੋ ਦਰਜਨ ਦੇ ਕਰੀਬ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਦੇ ਕਈ ਵਾਰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ | ਲੋਕ ਇਨ੍ਹਾਂ ਮੀਟਿੰਗਾਂ ਵਿਚ ਪੂਰੇ ਉਤਸ਼ਾਹ ਨਾਲ ਪਹੁੰਚ ਰਹੇ ਹਨ ਅਤੇ ਪਾਰਟੀ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਚਾਰ ਸਾਲਾਂ ਦੌਰਾਨ ਸੂਬੇ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ | ਹੁਣ ਭਗਵੰਤ ਮਾਨ ਸਰਕਾਰ ਨੇ ਸੂਬੇ ਨੂੰ ਅਪਰਾਧ ਮੁਕਤ ਕਰਨ ਲਈ ਪੂਰੀ ਤਿਆਰੀ ਵਿੱਢ ਦਿੱਤੀ ਹੈ, ਪੁਲਿਸ ਨੂੰ ਨਵੀਆਂ ਗੱਡੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਘਟਨਾ ਵਾਪਰ ਜਾਣ ਦੀ ਸੂਰਤ ਵਿਚ ਪੁਲਿਸ ਕੁਝ ਮਿੰਟਾਂ ਵਿੱਚ ਹੀ ਮੌਕੇ 'ਤੇ ਪਹੁੰਚ ਸਕੇ | ਸੂਬਾ ਸਰਕਾਰ ਦੇ ਇਸ ਚਾਰ ਸਾਲਾਂ ਦੇ ਰਿਪੋਰਟ ਕਾਰਡ ਨੂੰ ਹਰ ਘਰ ਦੇ ਬੂਹੇ ਤੇ ਲੈ ਕੇ ਜਾਣ ਲਈ ਇੱਕ ਵੱਡੀ ਵਿਸ਼ਾਲ ਜਨਤਕ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜਿਸ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਪੂਰਾ ਉਤਸ਼ਾਹ ਹੈ |