ਲੌਂਗੋਵਾਲ, 3 ਅਪ੍ਰੈਲ (ਵਿਨੋਦ ਸ਼ਰਮਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਪੰਜਾਬ ਦੇ ਵਫ਼ਦ ਦੀ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੰਗਾਂ ਦੇ ਸਬੰਧ ਵਿਚ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਮੀਟਿੰਗ ਹੋਈ | ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੂਬਾ ਆਗੂ ਸ਼ੇਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਠੇਕਾ ਮੁਲਾਜ਼ਮਾਂ ਵਲੋਂ ਹਲਕਾ ਦਿੜ੍ਹਬਾ ਵਿਚ ਵੱਖ-ਵੱਖ ਪਿੰਡਾਂ ਅੰਦਰ 21 ਮਾਰਚ ਤੋਂ ਚੱਲ ਰਹੇ ਝੰਡਾ ਮਾਰਚ ਦੇ ਸੰਘਰਸ਼ ਦੇ ਮੱਦੇਨਜ਼ਰ ਦਿੜ੍ਹਬਾ ਪ੍ਰਸ਼ਾਸਨ ਵਲੋਂ ਅੱਜ ਦੀ ਮੀਟਿੰਗ ਤੈਅ ਕਰਵਾਈ ਗਈ ਸੀ | ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਵਿਚ ਮੋਰਚੇ ਦੇ ਸੂਬਾ ਆਗੂ ਬਲਿਹਾਰ ਸਿੰਘ, ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਸਿਮਰਨਜੀਤ ਸਿੰਘ ਨੀਲੋ, ਲਛਮਣ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਜਗਸੀਰ ਸਿੰਘ ਭੰਗੂ, ਪਵਨਦੀਪ ਸਿੰਘ ਅਤੇ ਜਸਪ੍ਰੀਤ ਗਗਨ ਆਦਿ ਆਗੂ ਸ਼ਾਮਲ ਹੋਏ | ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿੱਤ ਮੰਤਰੀ ਅੱਗੇ ਮੰਗ ਰੱਖੀ ਕਿ ਪੰਜਾਬ ਅੰਦਰ ਠੇਕੇਦਾਰ ਕੰਪਨੀਆਂ, ਸੁਸਾਇਟੀਆਂ, ਆਊਟਸੋਰਸ ਇਨਲਿਸਟਮੈਂਟ ਆਦਿ ਰਾਹੀ ਰੱਖੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲਿਆ ਕੇ ਰੈਗੂਲਰ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ ਜਾਂ ਠੇਕਾ ਮੁਲਾਜ਼ਮਾਂ ਨੂੰ ਘੱਟੋ ਘੱਟ 1948 ਐਕਟ ਦੇ ਮੁਤਾਬਿਕ 15ਵੀਂ ਲੇਬਰ ਕਾਨਫ਼ਰੰਸ ਅਨੁਸਾਰ ਤਨਖ਼ਾਹ ਦਿੱਤੀ ਜਾਵੇ | ਮੰਗਾਂ ਸਬੰਧੀ ਵਿਚਾਰ ਚਰਚਾ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 7 ਅਪ੍ਰੈਲ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕਰਨ ਦਾ ਸੱਦਾ ਦਿੱਤਾ ਗਿਆ | ਸੂਬਾ ਆਗੂ ਸ਼ੇਰ ਸਿੰਘ ਖੰਨਾ ਨੇ ਦੱਸਿਆ ਕਿ ਠੇਕਾ ਮੁਲਾਜ਼ਮਾਂ ਵਲੋਂ ਝੰਡਾ ਮਾਰਚ 7 ਅਪੈ੍ਰਲ ਤੱਕ ਜਾਰੀ ਰਹਿਣਗੇ |